ਜਲੰਧਰ ਲੋਕ ਸਭਾ ਜ਼ਿਮਣੀ ਚੋਣ ਦੀ ਵੋਟਿੰਗ 3 ਵਜੇ ਤੱਕ 41 ਪ੍ਰਤੀਸ਼ਤ ਹੋ ਗਈ ਹੈ। ਇਸ ਦੌਰਾਨ ਇਹ ਵੀ ਖ਼ਬਰਾਂ ਸਾਹਮਣੇ ਆਈਆਂ ਕਿ ਦੂਜੇ ਜ਼ਿਲ੍ਹਿਆਂ ਦੇ ‘ਆਪ’ ਵਿਧਾਇਕ ਜਲੰਧਰ ਜ਼ਿਲ੍ਹੇ ਵਿਚ ਆ ਕੇ ਵੋਟਰਾਂ ਨੂੰ ਪ੍ਰਭਾਵਿਤ ਕਰ ਰਹੇ ਹਨ ਅਤੇ ਬੂਥਾਂ ‘ਤੇ ਬੈਠ ਰਹੇ ਹਨ ਜਿਸ ਕਾਰਨ ਕਈ ਥਾਵਾਂ ‘ਤੇ ਝੜਪ ਹੋਣ ਦੀਆਂ ਵੀ ਤਸਵੀਰਾਂ ਸਾਹਮਣੇ ਆਈਆਂ। ਜਿਸ ਤੋਂ ਬਾਅਦ ਦੂਜੀ ਪਾਰਟੀਆਂ ਦੇ ਆਗੂਆਂ ਨੇ ਇਸ ਦਾ ਵਿਰੋਧ ਕੀਤਾ। ਇਸ ਦਰਮਿਆਨ ਚੋਣ ਜਾਬਤੇ ਦੀ ਉਲੰਘਣਾ ਕਰਨ ਦੇ ਇਲਜ਼ਾਮ ਹੇਠ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਪੋਲਿੰਗ ਏਜੰਟ ਆਗੂ ਸੋਮ ਪ੍ਰਕਾਸ਼ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ਼ ਕਰਵਾਈ ਹੈ। ਸੋਮ ਪ੍ਰਕਾਸ਼ ਨੇ ਭਾਰਤੀ ਚੋਣ ਕਮਿਸ਼ਨਰ ਨੂੰ ਦਰਜ ਕਰਵਾਈ ਸ਼ਿਕਾਇਤ ਵਿੱਚ ਜਲੰਧਰ ਵਿਧਾਨਸਭਾ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਚੋਣ ਜਾਬਤੇ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਗਾਇਆ ਹੈ।

ਦੱਸ ਦਈਏ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਇਸ ਦੌਰਾਨ ਸ਼ਾਹਕੋਟ ਵਿੱਚ ਆਮ ਆਦਮੀ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿੱਚ ਝੜਪ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਦੋਸ਼ ਲਾਇਆ ਕਿ ਬਾਬਾ ਬਕਾਲਾ ਤੋਂ ‘ਆਪ’ ਵਿਧਾਇਕ ਦਲਵੀਰ ਸਿੰਘ ਟੌਂਗ ਜਲੰਧਰ ਵਿੱਚ ਘੁੰਮ ਰਹੇ ਹਨ ਤੇ ਲੋਕਾਂ ਨੂੰ ਧਮਕਾ ਰਹੇ ਹਨ। ਦੂਜੇ ਪਾਸੇ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕਾਂਗਰਸੀ ਵਰਕਰਾਂ ਨੇ ਹੀ ਧੱਕੇਸ਼ਾਹੀ ਕੀਤੀ ਹੈ ਅਤੇ ਉੱਥੇ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਵਿਧਾਇਕ ਨੂੰ ਬਾਹਰ ਕੱਢਿਆ ਅਤੇ ਹੁਣ ਥਾਣੇ ਲੈ ਗਈ ਹੈ।
