ਚੰਡੀਗੜ੍ਹ ਯੂਨੀਵਰਸਿਟੀ ਵੀਡੀਓ ਮਾਮਲੇ ਵਿੱਚ ਪੁਲਿਸ ਵੱਲੋਂ ਚੌਥੀ ਗ੍ਰਿਫ਼ਤਾਰੀ ਅਰੁਣਾਚਲ ਪ੍ਰਦੇਸ਼ ਤੋਂ ਕੀਤੀ ਗਈ ਹੈ।
ਗ੍ਰਿਫ਼ਤਾਰ ਕੀਤਾ ਗਏ ਮੁਲਜ਼ਮ ਦੀ ਪਛਾਣ ਸੰਜੀਵ ਸਿੰਘ ਵੱਜੋਂ ਹੋਈ ਹੈ ਜੋ ਕਿ ਭਾਰਤੀ ਫੌਜ ਦਾ ਮੁਲਾਜ਼ਮ ਹੈ ਅਤੇ ਕਥਿਤ ਤੌਰ ‘ਤੇ ਕੇਸ ਵਿੱਚ ਪਹਿਲਾਂ ਤੋਂ ਗ੍ਰਿਫ਼ਤਾਰ ਕੁੜੀ ਨੂੰ ਬਲੈਕਮੇਲ ਕਰਦਾ ਸੀ।
ਇਸ ਮਾਮਲੇ ਵਿੱਚ ਇੱਕ ਕੁੜੀ ਸਮੇਤ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ।
ਭਾਰਤੀ ਫੌਜ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਦਰਅਸਲ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਕੁਝ ਕੁੜੀਆਂ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਉਨ੍ਹਾਂ ਦੀਆਂ ਕਥਿਤ ਵੀਡੀਓਜ਼ ਬਣਾ ਕੇ ਬਾਹਰ ਕਿਸੇ ਮੁੰਡੇ ਨੂੰ ਭੇਜੀਆਂ ਗਈਆਂ ਸਨ।
ਹਾਲਾਂਕਿ ਮੁਲਜ਼ਮ ਕੁੜੀ ਨੇ ਇਹ ਕਬੂਲਿਆ ਸੀ ਕਿ ਉਸ ਨੇ ਸਿਰਫ਼ ਆਪਣੀ ਹੀ ਵੀਡੀਓ ਬਣਾ ਕੇ ਭੇਜੀ ਸੀ, ਕਿਸੇ ਹੋਰ ਕੁੜੀ ਦੀ ਨਹੀਂ।
ਇਸ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੈਂਪਸ ਵਿੱਚ ਵੱਡੇ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਸਨ।
ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 24 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ‘ਵਿਦਿਆਰਥੀਆਂ ਨੂੰ ਘਰ ਜਾਣ’ ਲਈ ਵੀ ਆਖਿਆ ਗਿਆ ਸੀ।
ਡੀਜੀਪੀ ਵੱਲੋਂ ਗ੍ਰਿਫ਼ਤਾਰੀ ਦੀ ਪਸ਼ਟੀ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਸ਼ਨੀਵਾਰ ਨੂੰ ਹੋਈ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ।
ਗੌਰਵ ਯਾਦਵ ਨੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਮੁਲਜ਼ਮ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਐਸਏਐਸ ਨਗਰ ਪੁਲਿਸ ਨੇ ਮੁਲਜ਼ਮ ਦਾ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜ਼ਿਟ ਰਿਮਾਂਡ ਵੀ ਹਾਸਲ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸਏਐਸ ਨਗਰ ਪੁਲਿਸ ਟੀਮ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤੀ ਗਈ ਸੀ।
ਡੀਜੀਪੀ ਦਾ ਕਹਿਣਾ ਹੈ ਕਿ ਫੜੇ ਗਏ ਮੁਲਜ਼ਮ ਉੱਪਰ ਸ਼ੱਕ ਹੈ ਕਿ ਉਹ ਇਸ ਮਾਮਲੇ ਵਿੱਚ ਮੁਲਜ਼ਮ ਕੁੜੀ ਨੂੰ ਬਲੈਕਮੇਲ ਕਰਦਾ ਸੀ।
ਪੰਜਾਬ ਪੁਲਿਸ ਹੁਣ ਤੱਕ ਮੁਲਜ਼ਮ ਵਿਦਿਆਰਥਣ ਸਣੇ ਤਿੰਨ ਜਣਿਆਂ ਨੂੰ ਪਹਿਲਾਂ ਹੀ ਗਿ੍ਫ਼ਤਾਰ ਕਰ ਚੁੱਕੀ ਹੈ। ਪੁਲਿਸ ਨੇ ਉਨ੍ਹਾਂ ਕੋਲੋ ਕੁਝ ਇਲੈਕਟ੍ਰਾਨਿਕ ਚੀਜ਼ਾਂ ਜ਼ਬਤ ਕੀਤੀਆਂ ਹਨ।
ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਪਿਛਲੇ ਸੋਮਵਾਰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉਪਰ ਭੇਜ ਦਿੱਤਾ ਜੋ ਕਿ 26 ਸਤੰਬਰ ਤੱਕ ਪੁਲਿਸ ਰਿਮਾਂਡ ‘ਤੇ ਹਨ।
ਡੀਜੀਪੀ ਵੱਲੋਂ ਇਸ ਕੇਸ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ। ਇਸ ਤਿੰਨ ਮੈਂਬਰੀ ਜਾਂਚ ਟੀਮ ਦੀ ਅਗਵਾਈ ਆਈਪੀਐੱਸ ਅਫ਼ਸਰ ਗੁਰਪ੍ਰੀਤ ਕੌਰ ਦਿਓ ਕਰ ਰਹੇ ਹਨ। ਇਸ ਐੱਸਆਈਟੀ ਵਿੱਚ ਤਿੰਨੋਂ ਮੈਂਬਰ ਮਹਿਲਾ ਅਧਿਕਾਰੀ ਹਨ।
