ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਇਸ ਦੌਰਾਨ ਹਾਲ ਹੀ ਅੰਮ੍ਰਿਤਸਰ ‘ਚ ਵਾਪਰੇ ਧਮਾਕਿਆਂ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਅਲਰਟ ਹੋ ਗਈ ਹੈ ਅਤੇ ਉਹਨਾਂ ਨੇ ਸੂਬੇ ਭਰ ਵਿਚ ਸਰਚ ਆਪਰੇਸ਼ਨ ਚਲਾ ਦਿੱਤਾ ਅਤੇ ਸੁਰੱਖਿਆ ਵਧਾ ਦਿੱਤੀ ਹੈ। ‘ਆਪਰੇਸ਼ਨ Vigil’ ਦੀ ਸ਼ੁਰੂਆਤ ਕਰਦਿਆਂ ਪੁਲਿਸ ਵਲੋਂ ਪੂਰੇ ਪੰਜਾਬ ਵਿਚ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੱਲ੍ਹ ਨੂੰ ਹੋਣ ਵਾਲੀਆਂ ਚੋਣਾਂ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾ ਸਕਣ। ਇਸ ਦੌਰਾਨ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਖੁਦ ਨੇ ਲੁਧਿਆਣਾ ਵਿਖੇ ਪਹੁੰਚੇ। ਉਹਨਾਂ ਵਲੋਂ ਆਪਣੀ ਪੁਲਿਸ ਟੀਮ ਨਾਲ ਬੱਸ ਸਟੈਂਡ ਵਿਖੇ ਚੈਕਿੰਗ ਕੀਤੀ ਗਈ।
ਇਸ ਮੌਕੇ ਉਹਨਾਂ ਕਿਹਾ ਪਿਛਲੇ ਦਿਨੀਂ ਅੰਮ੍ਰਿਤਸਰ ‘ਚ ਹੋਏ 2 ਧਮਾਕਿਆਂ ਸਬੰਧੀ ਜਾਂਚ ਕੀਤੀ ਜਾ ਰਹੀ ਅਤੇ ਹੋਰ ਜਾਂਚ ਏਜੰਸੀਆਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਂ ਜੋ ਪਤਾ ਚੱਲ ਸਕੇ ਕਿਸ ਸਾਜਿਸ਼ ਤਹਿਤ ਕੀਤਾ ਗਿਆ ਸੀ। ਲੁਧਿਆਣਾ ਬੱਸ ਸਟੈਂਡ ਦੀ ਜਾਂਚ ਲਈ ਪਹੁੰਚੇ ਡੀ. ਜੀ. ਪੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਹਾਲਾਤ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਡੀ. ਜੀ. ਪੀ. ਨੇ ਕਿਹਾ ਕਿ ਅੰਮ੍ਰਿਤਸਰ ‘ਚ ਹੋਏ ਬੰਬ ਧਮਾਕਿਆਂ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ‘ਚ ਬੰਬ ਲਈ ਘੱਟ ਤੀਬਰਤਾ ਵਾਲੇ ਵਿਸਫੋਟਕਾਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨੂੰ ਇੱਕ ਡੱਬੇ ਦੀ ਮਦਦ ਨਾਲ ਤਿਆਰ ਕਰਕੇ ਰੱਸੀ ਨਾਲ ਖਿੱਚਿਆ ਗਿਆ ਸੀ। ਇਸ ‘ਚ ਕੋਈ ਤਿੱਖੀ ਵਸਤੂ ਨਹੀਂ ਸੀ। ਭਲਕੇ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਉਨ੍ਹਾਂ ਕਿਹਾ ਕਿ ਚੋਣ ਲਈ ਅਰਧ ਸੈਨਿਕ ਬਲ ਦੀਆਂ 60 ਕੰਪਨੀਆਂ ਤੋਂ ਇਲਾਵਾ ਸੂਬਾ ਪੁਲਸ ਵੀ ਤਾਇਨਾਤ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸੂਬੇ ਦਾ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ।
