ਭਗੌੜਾ ਐਲਾਨ ਦਿੱਤੇ ਗਏ ਅੰਮ੍ਰਿਤਪਾਲ ਸਿੰਘ ਦੀ ਭਾਲ ਲਗਾਤਾਰ ਜਾਰੀ ਹੈ। ਇਸ ਦੌਰਾਨ ਹੁਣ ਪੰਜਾਬ ਤੋਂ ਬਾਅਦ ਹੋਰਨਾਂ ਸੂਬਿਆਂ ਦੀ ਪੁਲਿਸ ਵੀ ਚੌਕਸ ਹੋ ਗਈ ਹੈ। ਇਹ ਜਾਣਕਾਰੀ ਹੁਣ ਹਾਸਲ ਹੋ ਰਹੀ ਹੈ ਕਿ ਪੰਜਾਬ ਤੇ ਦਿੱਲੀ ਤੋਂ ਬਾਅਦ ਖਾਲਿਸਤਾਨੀ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਜੰਮੂ ਵਿੱਚ ਛਾਪੇਮਾਰੀ ਕੀਤੀ ਹੈ। ਜੰਮੂ ਦੇ ਆਰਐਸ ਪੁਰਾ ਖੇਤਰ ਤੋਂ ਜੰਮੂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਹਿਰਾਸਤ ਵਿੱਚ ਲਿਆ। ਉਸ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਸੀ। ਪੰਜਾਬ ਪੁਲਿਸ ਦੀ ਸੂਚਨਾ ‘ਤੇ ਹਿਰਾਸਤ ‘ਚ ਲਿਆ ਗਿਆ ਹੈ। ਦੱਸ ਦਈਏ ਕਿ ਅਮਰੀਕ ਸਿੰਘ ਵਾਸੀ ਆਰ.ਐਸ ਪੁਰਾ ਅਤੇ ਉਸਦੀ ਪਤਨੀ ਸਰਬਜੀਤ ਕੌਰ ਨੂੰ ਜੰਮੂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਅਤੇ ਪਪਲਪ੍ਰੀਤ ਸਿੰਘ ਨਾਲ ਕਥਿਤ ਸਬੰਧ ਹੋਣ ਦੇ ਦੋਸ਼ ਵਿੱਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ।
ਦੱਸ ਦਈਏ ਕਿ ਪੁਲਿਸ ਨੇ ਬੀਤੇ ਦਿਨੀਂ ਦੱਸਿਆ ਕਿ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਕਥਿਤ ਸਹਿਯੋਗੀ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੰਗਲਵਾਰ ਨੂੰ ਤਿਲਕ ਵਿਹਾਰ ਤੋਂ ਇੱਕ ਬੀਮਾ ਏਜੰਟ ਅਮਿਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।
