ਦਿੱਲੀ ਸ਼ਰਾਬ ਘੁਟਾਲੇ ਵਿਚ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਦਸ ਦਈਏ ਕਿ CBI ਜਲਦ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰਨ ਵਾਲੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ CBI ਨੇ ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ਇਸ ਮਾਮਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅੱਤਿਆਚਾਰਾਂ ਦਾ ਅੰਤ ਹੋਵੇਗਾ। ਇਸ ਦੇ ਨਾਲ ਹੀ ਸੀਬੀਆਈ ਵੱਲੋਂ ਸੰਮਨ ਦੇ ਮਾਮਲੇ ਵਿੱਚ ਸੰਜੇ ਸਿੰਘ ਨੇ ਹਾਲ ਹੀ ਵਿੱਚ ਪ੍ਰੈਸ ਕਾਨਫਰੰਸ ਵੀ ਕੀਤੀ ਤੇ ਆਪਣੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਭ੍ਰਿਸ਼ਟਾਚਾਰ ਵਿਰੁੱਧ ਜੰਗ ਨੂੰ ਲੈਕੇ ਕੇਜਰੀਵਾਲ ਨੇ ਨਾਂ ਕਸੀਦੇ ਪੜ੍ਹੇ ਤੇ ਕੇਂਦਰ ਸਰਕਾਰ ‘ਤੇ ਰੱਜ ਕੇ ਨਿਸ਼ਾਨੇ ਸਾਧੇ।
ਅਰਵਿੰਦ ਕੇਜਰੀਵਾਲ ‘ਤੇ ਦੋਸ਼ ਲਗਾਉਂਦੇ ਹੋਏ ਭਾਜਪਾ ਨੇਤਾ ਹਰੀਸ਼ ਖੁਰਾਣਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਸਾਫ ਕਿਹਾ ਹੈ ਕਿ ਸਾਰਾ ਸੌਦਾ ਅਰਵਿੰਦ ਕੇਜਰੀਵਾਲ ਦੇ ਘਰ ‘ਚ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ। ਖੁਰਾਣਾ ਨੇ ਕਿਹਾ ਕਿ ਕੇਜਰੀਵਾਲ ਆਪਣੇ ਆਪ ਨੂੰ ਪੱਕੀ ਇਮਾਨਦਾਰੀ ਦਾ ਸਰਟੀਫਿਕੇਟ ਦੇਣਾ ਬੰਦ ਕਰ ਦੇਵੇ। ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਖੁਰਾਣਾ ਨੇ ਕਿਹਾ ਕਿ ਤੁਹਾਡੇ ਘਰ ‘ਚ ਸੌਦਾ ਹੋਇਆ ਹੈ, ਤੁਹਾਨੂੰ ਜਵਾਬ ਦੇਣਾ ਪਵੇਗਾ। ਦੂਜੇ ਪਾਸੇ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਕਪਿਲ ਮਿਸ਼ਰਾ ਨੇ ਕਿਹਾ ਕਿ ”ਸ਼ਰਾਬ ਘੁਟਾਲੇ ਦੇ ਮੁਲਜ਼ਮਾਂ ਨੇ ਮੰਨਿਆ ਹੈ ਕਿ ਸੌ ਵੀਡੀਓ ਕਾਲ ਕਰਨ ਤੋਂ ਬਾਅਦ ਕੇਜਰੀਵਾਲ ਨੂੰ ਪੈਸੇ ਦਿੱਤੇ ਗਏ ਸਨ। ਕੇਜਰੀਵਾਲ ਇੱਕ ਕਿਲੋ ਘਿਓ ਕਹਿ ਕੇ ਇੱਕ ਕਰੋੜ ਰੁਪਏ ਮੰਗਦਾ ਸੀ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨ ਤੋਂ ਹੀ ਕਹਿ ਰਹੇ ਹਾਂ ਕਿ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਅਤੇ ਕੇਜਰੀਵਾਲ ਤਿੰਨੋਂ ਭ੍ਰਿਸ਼ਟ ਅਤੇ ਹਵਾਲਾ ਦੇ ਦੋਸ਼ੀ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ‘ਤੇ ਆਬਕਾਰੀ ਨੀਤੀ ਮਾਮਲੇ ‘ਚ ਝੂਠੇ ਸਬੂਤ ਦੇ ਕੇ ਅਦਾਲਤ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਹੈ। ਦਿੱਲੀ ਵਿਧਾਨ ਸਭਾ ‘ਚ ਅੰਬੇਡਕਰ ਜਯੰਤੀ ਦੇ ਮੌਕੇ ‘ਤੇ ਆਯੋਜਿਤ ਪ੍ਰੋਗਰਾਮ ‘ਚ ਹਿੱਸਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ, ”ਈਡੀ ਲੋਕਾਂ ‘ਤੇ ਤਸ਼ੱਦਦ ਅਤੇ ਦਬਾਅ ਬਣਾ ਕੇ ਝੂਠੇ ਬਿਆਨ ਦੇ ਰਹੀ ਹੈ। ਸੰਜੇ ਸਿੰਘ ਦੇ ਕੇਸ ਵਿੱਚ ਵੀ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਨੇ ਵੱਖ-ਵੱਖ ਬਿਆਨ ਦਿੱਤੇ ਹਨ ਅਤੇ ਈਡੀ ਨੇ ਚਾਰਜਸ਼ੀਟ ਵਿੱਚ ਕੁਝ ਹੋਰ ਲਿਖਿਆ ਹੈ। ਦਸ ਦਈਏ ਕਿ ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਸੀਬੀਆਈ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਅੱਠ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਸੀਬੀਆਈ ਕੇਸ ਵਿੱਚ ਨਿਆਂਇਕ ਹਿਰਾਸਤ ਵਿੱਚ ਹੈ।
