ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਸੀਬੀਆਈ (CBI) ਜਾਂਚ ਦੇ ਬਿਆਨ ਦੇਣ ਤੋਂ ਇਕ ਦਿਨ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸੰਕੇਤ ਦਿੱਤਾ ਹੈ ਕਿ ਉਹ ਸੀਬੀਆਈ ਨੂੰ ਜਾਂਚ ਸੌਂਪਣ ਦੇ ਹੱਕ ‘ਚ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰਨ ‘ਚ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ‘ਚ ਮੰਤਰੀ ਦਾ ਅਸਤੀਫਾ ਲੈ ਲਿਆ ਗਿਆ ਹੈ, ਕੇਸ ਦਰਜ ਹੋ ਚੁੱਕਾ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ।
ਸਰਕਾਰ ਤੋਂ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਵਿਰੋਧੀ ਧਿਰ ਦੇ ਨੇਤਾਵਾਂ ‘ਤੇ ਤੰਜ ਕਸਦਿਆਂ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜਦੋਂ ਹਰਿਆਣਾ ‘ਚ ਇਕ ਏਡੀਜੀਪੀ (ADGP) ਨੇ ਖੁਦਕੁਸ਼ੀ ਕੀਤੀ ਸੀ, ਉਦੋਂ ਕਿਨ੍ਹਾਂ ਲੋਕਾਂ ਨੇ ਸੀਬੀਆਈ ਜਾਂਚ ਕਰਵਾਈ ਸੀ ਤੇ ਅਸਤੀਫਾ ਦਿੱਤਾ ਸੀ? ਉਨ੍ਹਾਂ ਪਟਿਆਲਾ ਦੀ ਇਕ ਘਟਨਾ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਵਿਅਕਤੀ ਵੱਲੋਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਿਖ ਕੇ ਖੁਦਕੁਸ਼ੀ ਕਰਨ ‘ਤੇ ਕਿਨ੍ਹਾਂ ਨੇ ਜਾਂਚ ਕਰਵਾਈ ਅਤੇ ਅਸਤੀਫਾ ਦਿੱਤਾ ਸੀ। ਇਸੇ ਤਰ੍ਹਾਂ ਮਹਿਲ ਕਲਾਂ ‘ਚ ਇਕ ਨਾਬਾਲਗ ਲੜਕੀ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਅੱਜ ਤੱਕ ਉਹ ਦਿਨ ਮਨਾਉਂਦੇ ਹਾਂ, ਕੀ ਉਸ ਮਾਮਲੇ ਵਿੱਚ ਸਰਕਾਰ ਨੇ ਸੀਬੀਆਈ ਜਾਂਚ ਦਿੱਤੀ ਸੀ ਜਾਂ ਕਿਸੇ ਨੇ ਅਸਤੀਫਾ ਦਿੱਤਾ ਸੀ?
ਮੁੱਖ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਅਤੇ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਹਰ ਹਾਲ ਵਿੱਚ ਇਨਸਾਫ ਦਿੱਤਾ ਜਾਵੇਗਾ।
ਵਿਰੋਧੀ ਪਾਰਟੀਆਂ ਦੇ ਇਸ ਮੁੱਦੇ ‘ਤੇ ਇਕੱਠੇ ਹੋਣ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਚਲੋ, ਘੱਟੋ-ਘੱਟ ਇਹ ਸਾਰੇ ਲੋਕ ਮੇਰੇ ਖਿਲਾਫ ਹੀ ਸਹੀ, ਪਰ ਇਕ ਮੰਚ ‘ਤੇ ਤਾਂ ਇਕੱਠੇ ਦਿਖਾਈ ਦੇ ਰਹੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਦੀ ਜਾਨ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ, ਪਰ ਮੈਂ ਪਹਿਲੇ ਦਿਨ ਤੋਂ ਹੀ ਭਰੋਸਾ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।