ਆਲ ਪੰਜਾਬ ਆਂਗਣਵਾੜੀ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਵਜੋਂ ਆਪਣੀਆਂ ਸਾਥਣਾਂ ਦੇ ਨਾਲ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਮੁੱਖ ਮੰਤਰੀ ਪੰਜਾਬ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਹਰਗੋਬਿੰਦ ਕੌਰ ਨੇ ਕਿਹਾ ਕਿ ‘ਮਹਿਲਾ ਦਿਵਸ’ ਮੌਕੇ ਮੁੱਖ ਮੰਤਰੀ ਵੱਲੋਂ ਸਮਾਣਾ ਵਿਖੇ ਆਪਣੇ ਭਾਸ਼ਨ ਦੌਰਾਨ ਔਰਤਾਂ ਬਾਰੇ ਕਥਿਤ ਗ਼ਲਤ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਪ੍ਰਤੀ ਮੰਦੀ ਸੋਚ ਰੱਖਣ ਵਾਲੇ ਮੁੱਖ ਮੰਤਰੀ ਨੂੰ ਅਹੁਦੇ ’ਤੇ ਬਣੇ ਰਹਿਣ ਦਾ ਅਧਿਕਾਰ ਨਹੀਂ ਹੈ। ਵਿਰੋਧ ਪ੍ਰਦਰਸ਼ਨ ਮੌਕੇ ਮੌਜੂਦ ਪ੍ਰਦਰਸ਼ਨਕਾਰੀਆਂ ਵੱਲੋਂ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।

