ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੋਸ਼ਿਸ਼ਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਦਸ ਦਈਏ ਕਿ ‘ਉਪਰੇਸ਼ਨ ਅੰਮ੍ਰਿਤਪਾਲ’ ਤਹਿਤ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੀ ਸਹਾਇਤਾ ਲਈ SGPC ਵਲੋਂ ਪਹਿਲਕਦਮੀ ਕਰਦਿਆਂ ਵਕੀਲਾਂ ਦਾ ਇਕ ਪੈਨਲ ਅਸਾਮ ਦੀ ਡਿਬਰੂਗੜ੍ ਜੇਲ੍ਹ ਭੇਜਿਆ ਗਿਆ ਸੀ। ਜਿੰਨਾਂ ਦੀ ਕੋਸ਼ਿਸ਼ਾਂ ਸਦਕਾ ਹੁਣ ਅਸਾਮ ਦੀ ਡਿਬਰੂਗੜ੍ ਜੇਲ੍ਹ ‘ਚ ਬੰਦ ਨੌਜਵਾਨਾਂ ਨੂੰ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰ ਮਿਲ ਸਕਣਗੇ।
ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਥੇ ਕੀਤਾ ਹੈ। ਐਡਵੋਕੇਟ ਸਿਆਲਕਾ ਸ਼੍ਰੋਮਣੀ ਕਮੇਟੀ ਦੀ ਉਸ ਕਨੂੰਨੀ ਕਮੇਟੀ ਦੇ ਆਗੂ ਹਨ ਜੋ ਡਿਬਰੂਗੜ੍ਹ ਵਿਖੇ ਜੇਲ੍ਹ ਵਿਚ ਨਜ਼ਰਬੰਦ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਲਈ ਸ਼਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗਠਨ ਕੀਤੀ ਗਈ ਸੀ।
ਐਡਵੋਕੇਟ ਸਿਆਲਕਾ ਨੇ ਦੱਸਿਆ ਕਿ 10 ਅਪ੍ਰੈਲ ਨੂੰ ਡਿਬਰੂਗੜ੍ਹ ਵਿਖੇ ਜੇਲ੍ਹ ਚ ਬੰਦ ਨੌਜਵਾਨਾਂ ਨਾਲ ਮੁਲਾਕਾਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਯਤਨਾਂ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਨਾਲ ਮੁਲਾਕਾਤ ਦੀ ਇਜ਼ਾਜਤ ਮਿਲ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਇਜ਼ਾਜਤ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਪਾਸੋਂ ਪ੍ਰਾਪਤ ਕੀਤੀ ਗਈ ਹੈ। ਐਡਵੋਕੇਟ ਸਿਆਲਕਾ ਨੇ ਦੱਸਿਆ ਕਿ ਡਿਬਰੂਗੜ੍ਹ ਵਿਖੇ ਨਜ਼ਰਬੰਦ ਨੌਜਵਾਨਾਂ ਵਿਚ ਕੁਲਵੰਤ ਸਿੰਘ ਧਾਲੀਵਾਲ, ਵਰਿੰਦਰ ਸਿੰਘ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਹਰਜੀਤ ਸਿੰਘ ਜੱਲੂਪੁਰ ਖੈੜਾ, ਭਗਵੰਤ ਸਿੰਘ ਬਾਜੇਕੇ, ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਇੰਦਰਪਾਲ ਸਿੰਘ ਔਜਲਾ ਅਤੇ ਪਪਲਪ੍ਰੀਤ ਸਿੰਘ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਨੌਜਵਾਨਾਂ ਦੇ ਪਰਿਵਾਰਾਂ ਨੂੰ ਮੁਲਾਕਾਤ ਲਈ 19 ਅਪ੍ਰੈਲ ਨੂੰ ਅਸਾਮ ਲੈ ਕੇ ਜਾਣ ਦੀ ਯੋਜਨਾ ਹੈ।
