ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ | ਪਾਰਟੀ ਦੇ ਬਟਾਲਾ ਹਲਕੇ ਤੋਂ ਮੌਜੂਦਾ ਵਿਧਾਇਕ ਸ. ਲਖਬੀਰ ਸਿੰਘ ਲੋਧੀਨੰਗਲ ਹੁਣ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਅਤੇ ਸ. ਰਵੀਕਰਨ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਯੂਨਸ ਮੁਹੰਮਦ ਮਲੇਰਕੋਟਲਾ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ | ਇਸ ਦੇ ਨਾਲ ਸ. ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵਲੋਂ ਹੁਣ ਤੱਕ 77 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ | ਇਹ ਜਾਣਕਾਰੀ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ |
