ਅੰਮ੍ਰਿਤਪਾਲ ਸਿੰਘ ਨੂੰ ਲੈਕੇ ਹਾਈਕੋਰਟ ਵਿਚ ਪਾਈ ਗਈ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਜਿਸ ਵਿਚ ਪੰਜਾਬ ਸਰਕਾਰ ਨੇ ਸਪਸ਼ਟ ਕਰ ਦਿੱਤਾ ਹੈ ਕਿ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫ਼ਤ ‘ਚੋਂ ਬਾਹਰ ਹੈ। ਇਸ ਤੋਂ ਬਾਅਦ ਹਾਈਕੋਰਟ ਨੇ ਸਵਾਲ ਕੀਤਾ ਹੈ ਕਿ 80 ਹਜ਼ਾਰ ਪੁਲਿਸ ਕਰਮਚਾਰੀ ਕੀ ਕਰ ਰਹੇ ਸੀ। ਹੁਣ ਇਸ ਮਾਮਲੇ ਵਿਚ ਅਗਲੇ ਮੰਗਲਵਾਰ ਨੂੰ ਸੁਣਵਾਈ ਹੋਵੇਗੀ। ਉਥੇ ਹੀ ਪੁਲਿਸ ਨੇ ਹਾਈਕੋਰਟ ਵਿਚ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ NSA ਲਗਾਇਆ ਗਿਆ ਹੈ।
ਦੱਸ ਦਈਏ ਕਿ ਐਨਐਸਏ (NSA) ਇਕ ਸਖਤ ਕਾਨੂੰਨ ਹੈ, ਜਿਸ ਤਹਿਤ ਗ੍ਰਿਫਤਾਰ ਮੁਲਜ਼ਮ ਨੂੰ ਪੁਲਿਸ ਕਿਸੇ ਵੀ ਸੂਬੇ ਦੀ ਜੇਲ੍ਹ ਵਿਚ ਰੱਖ ਸਕਦੀ ਹੈ। ਇਸ ਤਹਿਤ ਬਿਨਾ ਦੱਸਿਆਂ ਹਿਰਾਸਤ ਵਿਚ ਲਿਆ ਜਾ ਸਕਦਾ ਹੈ ਤੇ ਇਕ ਸਾਲ ਤੱਕ ਜੇਲ੍ਹ ਵਿਚ ਰੱਖਿਆ ਜਾ ਸਕਦਾ ਹੈ। ਕੋਈ ਕਾਨੂੰਨੀ ਮਦਦ ਨਹੀਂ ਮਿਲਦੀ। ਅਦਾਲਤ ਵਿਚ ਪੇਸ਼ ਕਰਨ ਦੀ ਜ਼ਰੂਰਤ ਵੀ ਨਹੀਂ ਹੁੰਦੀ ਹੈ। ਉਧਰ, ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ (Operation Amritpal) ਲਈ ਪੰਜਾਬ ਪੁਲਿਸ ਵੱਲੋਂ ਵੱਖ ਵੱਖ ਥਾਵਾਂ ’ਤੇ ਛਾਪੇ ਮਾਰੇ ਜਾ ਰਹੇ ਹਨ। ਉਧਰ, ਹੁਣ NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਸਮੇਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਸ਼ਿਫ਼ਟ ਕੀਤੇ ਦਲਜੀਤ ਸਿੰਘ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਬਾਜੇਕਾ ’ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਗਾ ਦਿੱਤਾ ਹੈ।
