ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਨਾਮਜ਼ਦਗੀਆਂ ਦਾਖਲ ਕਰਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਾ ਹੈ। ਇਸ ਦੌਰਾਨ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਹੁਣ ਅੱਜ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਡੀ.ਸੀ. ਦਫ਼ਤਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਜਿਨ੍ਹਾਂ ਨੂੰ ਜ਼ਿਮਨੀ ਚੋਣ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ, ਮੌਜੂਦ ਰਹੇ।
ਦਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਜਲੰਧਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੈਗਾ ਰੋਡ ਸ਼ੋਅ ਕੀਤਾ ਗਿਆ। ਸੁਸ਼ੀਲ ਰਿੰਕੂ ਦੇ ਹੱਕ ਵਿਚ ਕੀਤੇ ਜਾ ਰਹੇ ਰੋਡ ਸ਼ੋਅ ਦੌਰਾਨ ਹੋਰ ਵੀ ਕਈ ਸੀਨੀਅਰ ਲੀਡਰ ਮੌਜੂਦ ਰਹੇ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਲੋਕਾਂ ਦੇ ਕਾਲਜਿਆਂ ਨੂੰ ਠੰਢ ਪਾਉਣ ਵਾਲੇ ਫੈਸਲੇ ਲਏ ਜਾਣਗੇ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ।
