ਆਮ ਆਦਮੀ ਪਾਰਟੀ (ਆਪ) ਵੱਲੋਂ ਬੁੱਧਵਾਰ ਨੂੰ ਜਲੰਧਰ ਵਿੱਚ ਪਾਰਟੀ ਵਰਕਰਾਂ ਦੀ ਸੂਬਾਈ ਮੀਟਿੰਗ ਕੀਤੀ ਜਾ ਰਹੀ ਹੈ। ਬੈਠਕ ਲਈ ‘ਆਪ’ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਤੇ ਹਜ਼ਾਰ ਦੇ ਕਰੀਬ ਬਲਾਕ ਆਬਜ਼ਰਵਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਵੇਗੀ। ਸੱਤ ਰਾਜ ਸਭਾ ਮੈਂਬਰਾਂ ਦੇ ਭਾਜਪਾ ’ਚ ਸ਼ਾਮਲ ਹੋਣ ਮਗਰੋਂ ਸੱਦੀ ਇਸ ਬੈਠਕ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਭਲਕ ਦੀ ਮੀਟਿੰਗ ਵਿੱਚ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕਰਨ ਦੀਆਂ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਮੀਟਿੰਗ ਨੂੰ ਵਰਚੁਅਲੀ ਸੰਬੋਧਨ ਕਰ ਸਕਦੇ ਹਨ। ਮੀਟਿੰਗ ਵਿੱਚ ਸੂਬਾ ਸਰਕਾਰ ਵੱਲੋਂ ਚਾਰ ਸਾਲਾਂ ਵਿੱਚ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਬਾਰੇ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੂਬਾ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ ਹਜ਼ਾਰ ਰੁਪਏ ਤੇ 1500 ਰੁਪਏ ਲਈ ਜ਼ਮੀਨੀ ਪੱਧਰ ’ਤੇ ਰਜਿਸਟਰਸ਼ੇਨ ਯਕੀਨੀ ਬਣਾਉਣ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੀ ਸੂਬੇ ਦੇ ਸਾਰੇ ਲੋਕਾਂ ਦੀ ਰਜਿਸਟਰੇਸ਼ਨ ਕਰਨ ਦੇ ਨਿਰਦੇਸ਼ ਦਿੱਤੇ ਜਾਣਗੇ। ਅਗਾਮੀ ਝੋਨੇ ਦੇ ਸੀਜ਼ਨ ਦੌਰਾਨ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਪ੍ਰਚਾਰ-ਪਾਸਾਰ ਕਰਨ ਬਾਰੇ ਵੀ ਰਣਨੀਤੀ ਤਿਆਰ ਕੀਤੀ ਜਾਵੇਗੀ।
