ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਰੈੱਡ ਕਾਰਨਰ ਨੋਟਿਸ ਜਾਰੀ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੀ ਗ੍ਰਿਫਤਾਰੀ ਆਸਾਨ ਹੋ ਜਾਵੇਗੀ। ਇੰਟਰਪੋਲ ਦੀਆਂ 195 ਦੇਸ਼ਾਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਉਨ੍ਹਾਂ ਦੀ ਗ੍ਰਿਫਤਾਰੀ ਲਈ ਚੌਕਸ ਕੀਤਾ ਜਾਵੇਗਾ।
ਸੀਬੀਆਈ ਨੇ 2 ਜੂਨ ਨੂੰ ਇੰਟਰਪੋਲ ਨੂੰ ਬੇਨਤੀ ਕੀਤੀ ਸੀ। ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਸ੍ਰੀ ਮੁਕਤਸਰ ਸਾਹਿਬ ਦਾ ਰਹਿਣ ਵਾਲਾ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ 2017 ਵਿੱਚ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਸਰਗਰਮ ਮੈਂਬਰ ਹੈ। ਗੈਂਗਸਟਰ ਗੋਲਡੀ ਬਰਾੜ ਦੇ ਰੈੱਡ ਕਾਰਨਰ ਨੋਟਿਸ ਨੂੰ ਲੈ ਕੇ ਪੰਜਾਬ ਪੁਲਿਸ ਅਤੇ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਆਹਮੋ-ਸਾਹਮਣੇ ਹੋ ਗਏ ਸਨ।
ਪੰਜਾਬ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਨੂੰ ਰੈੱਡ ਕਾਰਨਰ ਨੋਟਿਸ ਦਾ ਪ੍ਰਸਤਾਵ 19 ਮਈ ਨੂੰ ਭੇਜਿਆ ਗਿਆ ਸੀ। ਮੂਸੇਵਾਲਾ ਦੀ 29 ਮਈ ਨੂੰ ਹੱਤਿਆ ਕਰ ਦਿੱਤੀ ਗਈ ਸੀ। ਇਸ ਦੇ ਨਾਲ ਹੀ ਸੀਬੀਆਈ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੂੰ ਮੂਸੇਵਾਲਾ ਦੇ ਕਤਲ ਤੋਂ ਅਗਲੇ ਦਿਨ 30 ਮਈ ਨੂੰ ਪੰਜਾਬ ਪੁਲਿਸ ਦਾ ਪੱਤਰ ਮਿਲਿਆ ਸੀ। ਜਿਸ ਨੂੰ ਉਸ ਨੇ 2 ਜੂਨ ਨੂੰ ਇੰਟਰਪੋਲ ਨੂੰ ਭੇਜਿਆ ਸੀ।
