ਇਕ ਹਫ਼ਤੇ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਦਿੱਲੀ ਪੁੱਜ ਗਏ ਹਨ। ਚਰਚਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਪਿਛਲੇ ਹਫ਼ਤੇ ਵੀ ਉਨ੍ਹਾਂ ਦਾ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦਾ ਸ਼ਡਿਊਲ ਸੀ ਪਰ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਦੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰ ਕੇ ਹੀ ਵਾਪਸ ਚੰਡੀਗੜ੍ਹ ਮੁੜ ਆਏ ਸਨ।
ਗ੍ਰਹਿ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲੀਆਂ ਸਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਸੀ ਤੇ ਨਵੀਂ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਸਨ। ਕੈਪਟਨ ਤੇ ਨਵਜੋਤ ਸਿੱਧੂ ਵਿਚਾਲੇ ਛੱਤੀ ਦਾ ਅੰਕੜਾ ਚੱਲ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਹਰਾਉਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਸਿੱਧੂ ਦੇ ਖ਼ਿਲਾਫ਼ ਆਪਣਾ ਉਮੀਦਵਾਰ ਵੀ ਖੜ੍ਹਾ ਕਰਨਗੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ 18 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਕਾਂਗਰਸ ਹਾਈ ਕਮਾਨ ’ਤੇ ਬੇਇੱਜ਼ਤ ਅਤੇ ਜ਼ਲੀਲ ਕਰਨ ਦਾ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਤੇ ਪਿ੍ਰਅੰਕਾ ਗਾਂਧੀ ਨੂੰ ਕੁਝ ਆਗੂਆਂ ਵੱਲੋਂ ਗੁਮਰਾਹ ਕਰਨ ਦੀ ਗੱਲ ਕਹੀ ਸੀ। ਇਕ ਨਿੱਜੀ ਚੈਨਲ ਨੇ ਦਾਅਵਾ ਕੀਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਕੇ ਤਿੰਨ ਖੇਤੀ ਕਾਨੂੰਨਾਂ ਅਤੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਗੱਲਬਾਤ ਕਰ ਸਕਦੇ ਹਨ ਕਿਉਂਕਿ ਕਿਸਾਨੀ ਮਸਲਾ ਦੇਸ਼ ਵਿਚ ਵੱਡਾ ਮੁੱਦਾ ਬਣਿਆ ਹੋਇਆ ਹੈ।
