ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦਰਮਿਆਨ ਸੰਬੋਧਨ ਕਰਦਿਆਂ ਸੀ.ਐਮ. ਮਾਨ ਨੇ ਮੁੜ ਪਿਛਲੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਨੇ ਗੈਂਗਸਟਰ ਮੁਖਤਾਰ ਅੰਸਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਸ ਨੂੰ ਸਵਾ 2 ਸਾਲ ਪੰਜਾਬ ਦੀ ਜੇਲ੍ਹ ‘ਚ ਬਿਠਾਈ ਰੱਖਿਆ, ਜਿਸ ‘ਤੇ ਕਰੋੜਾਂ ਰੁਪਏ ਖ਼ਰਚ ਹੋਏ। ਇਸ ਦਾ ਪੰਜਾਬ ਦੇ ਖ਼ਜ਼ਾਨੇ ‘ਤੇ ਭਾਰ ਪਿਆ ਹੈ। ਉਹਨਾਂ ਕਿਹਾ ਕਿ ਮੈਂ ਖਜ਼ਾਨੇ ਚੋਂ 55 ਲੱਖ ਨਹੀਂ ਦੇਵਾਂਗਾ।
ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਾਂ…ਚੰਡੀਗੜ੍ਹ ਤੋਂ Live… https://t.co/laATNhVt1y
— Bhagwant Mann (@BhagwantMann) April 24, 2023
ਇਸਦੇ ਨਾਲ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ‘ਚ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਖ਼ਰਚੇ ਦਾ ਭੁਗਤਾਨ ਪੰਜਾਬ ਸਰਕਾਰ ਨਹੀਂ ਕਰੇਗੀ ਅਤੇ ਇਸ ਦੇ ਲਈ ਅਦਾਲਤ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੰਤਰੀਆਂ ਨੇ ਅੰਸਾਰੀ ਨੂੰ ਪੰਜਾਬ ਦੀ ਜੇਲ੍ਹ ‘ਚ ਰੱਖਣ ਲਈ ਸਾਈਨ ਕੀਤੇ ਹਨ, ਉਨ੍ਹਾਂ ਕੋਲੋਂ ਇਨ੍ਹਾਂ ਪੈਸਿਆਂ ਦੀ ਭਰਪਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਗੈਂਗਸਟਰ ਮੁਖਤਾਰ ਅੰਸਾਰੀ ਜਨਵਰੀ 2019 ਤੋਂ ਅਪ੍ਰੈਲ 2021 ਦਰਮਿਆਨ ਪੰਜਾਬ ਦੀ ਰੂਪਨਗਰ ਜੇਲ੍ਹ ਵਿੱਚ ਬੰਦ ਸੀ। ਇਸ ਦੌਰਾਨ ਉੱਤਰ ਪ੍ਰਦੇਸ਼ ਪੁਲਸ ਉਸ ਨੂੰ ਯੂ. ਪੀ. ਜੇਲ੍ਹ ਲਿਜਾਣਾ ਚਾਹੁੰਦੀ ਸੀ, ਜਿਸ ਲਈ ਉੱਤਰ ਪ੍ਰਦੇਸ਼ ਪੁਲਸ ਵੱਲੋਂ ਪੰਜਾਬ ਸਰਕਾਰ ਨੂੰ 25 ਰਿਮਾਈਂਡਰ ਵੀ ਭੇਜੇ ਗਏ ਸਨ ਪਰ ਪੰਜਾਬ ਸਰਕਾਰ ਵੱਲੋਂ ਅੰਸਾਰੀ ਨੂੰ ਉੱਤਰ ਪ੍ਰਦੇਸ਼ ਪੁਲਸ ਦੇ ਹਵਾਲੇ ਨਹੀਂ ਕੀਤਾ ਗਿਆ। ਇਸ ‘ਤੇ ਉੱਤਰ ਪ੍ਰਦੇਸ਼ ਪੁਲਸ ਸੁਪਰੀਮ ਕੋਰਟ ਪਹੁੰਚੀ ਸੀ।
