ਸ. ਕੇ. ਐਮ. ਦੇ ਨੇਤਾਵਾਂ ਨੇ ਸਿੰਘੂ ਸਰਹੱਦ ‘ਤੇ ਕੁੰਡਲੀ ਵਿਖੇ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਦੌਰਾਨ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ. ਕੇ. ਐਮ. ਪੰਜਾਬ ‘ਚ ਚੋਣਾਂ ‘ਚ ਹਿੱਸਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਸਹਿਮਤ ਨਹੀਂ ਹੈ ਅਤੇ ਉਹ ਇਸ ਦਾ ਹਿੱਸਾ ਨਹੀਂ ਬਣਨਗੇ | ਕਿਸਾਨ ਆਗੂ ਯੁੱਧਵੀਰ ਨੇ ਕਿਹਾ ਕਿ ਅਸੀਂ ਚਾਰ ਮਹੀਨਿਆਂ ਬਾਅਦ ਐਸ. ਕੇ. ਐਮ. ਦੀ ਮੀਟਿੰਗ ‘ਚ ਚੋਣਾਂ ‘ਚ ਹਿੱਸਾ ਲੈਣ ਵਾਲੀਆਂ ਕਿਸਾਨ ਯੂਨੀਅਨਾਂ ਨਾਲ ਆਪਣੇ ਸੰਬੰਧਾਂ ਬਾਰੇ ਦੁਬਾਰਾ ਫੈਸਲਾ ਕਰਾਂਗੇ | ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਕਿਹਾ ਕਿ ਐਸ. ਕੇ. ਐਮ. ਦਾ ਚੋਣਾਂ ‘ਚ ਹਿੱਸਾ ਲੈਣ ਵਾਲੀਆਂ ਯੂਨੀਅਨਾਂ ਨਾਲ ਹੁਣ ਸਾਡਾ ਕੋਈ ਲੈਣ-ਦੇਣ ਨਹੀਂ ਹੈ | ਯੁੱਧਵੀਰ ਸਿੰਘ ਨੇ ਦੱਸਿਆ ਕਿ ਭਾਕਿਯੂ ਨੇਤਾ ਰਾਕੇਸ਼ ਟਿਕੈਤ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣ ਲਈ ਇਸੇ ਮਹੀਨੇ ਤਿੰਨ ਦਿਨਾਂ ਲਈ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਦਾ ਦੌਰਾ ਕਰਨਗੇ, ਜਿਸ ਦੇ ਪੁੱਤਰ ‘ਤੇ ਪਿਛਲੇ ਸਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਡੀ ਹੇਠਾਂ ਕੁਚਲ ਕੇ ਮਾਰਨ ਦਾ ਦੋਸ਼ ਹੈ | ਯੁੱਧਵੀਰ ਸਿੰਘ ਨੇ ਕਿਹਾ ਕਿ ਟਿਕੈਤ ਪੀੜਤਾਂ, ਜੇਲ੍ਹ ‘ਚ ਬੰਦ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਮਿਲਣਗੇ ਅਤੇ ਜੇਕਰ ਉਕਤ ਮਾਮਲੇ ‘ਚ ਕੋਈ ਪ੍ਰਗਤੀ ਨਾ ਹੋਈ ਤਾਂ ਕਿਸਾਨ ਜਥੇਬੰਦੀਆਂ ਵਲੋਂ ਲਖੀਮਪੁਰ ‘ਚ ਘੇਰਾਬੰਦੀ ਕੀਤੀ ਜਾ ਸਕਦੀ ਹੈ |

