ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਇਹ ਸਪਸ਼ਟ ਕੀਤਾ ਕਿ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਨਿਯੁਕਤ ਕਰਨ ਦੀ ਕੋਈ ਯੋਜਨਾ ਨਹੀਂ ਹੈ ਅਤੇ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਹਟਾਉਣ ਸਬੰਧੀ ਕੋਈ ਪ੍ਰਸਤਾਵ ਵਿਚਾਰ ਅਧੀਨ ਨਹੀਂ ਹੈ | ਗ੍ਰਹਿ ਮੰਤਰਾਲੇ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਦਾਅਵੇ ਨੂੰ ਵੀ ਖ਼ਾਰਜ ਕੀਤਾ ਕਿ ਉਨ੍ਹਾਂ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਲ ਉਠਾਇਆ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸਬੰਧੀ ਸ਼ੰਕਾਵਾਂ ਨੂੰ ਨਿਰਾਧਾਰ ਦੱਸਿਆ | ਵੀਰਵਾਰ ਨੂੰ ਲੜੀਵਾਰ ਟਵੀਟਾਂ ‘ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਨ੍ਹਾਂ ਪੰਜਾਬ ਦੇ ਰਾਜਪਾਲ ਨੂੰ ਹਟਾ ਕੇ ਚੰਡੀਗੜ੍ਹ ਲਈ ਵੱਖਰਾ ਪ੍ਰਸ਼ਾਸਕ ਨਿਯੁਕਤ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਮੀਖਿਆ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕੀਤੀ ਹੈ | ਬੁੱਧਵਾਰ ਨੂੰ ਗ੍ਰਹਿ ਮੰਤਰੀ ਨਾਲ ਬੈਠਕ ਦੌਰਾਨ ਅਕਾਲੀ ਆਗੂ ਨੇ ਇਸ ਨੂੰ ਆਪਣੀ ਰਾਜਧਾਨੀ ‘ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਨ ਦੀ ਇਕ ਹੋਰ ਕੋਸ਼ਿਸ਼ ਕਰਾਰ ਦਿੱਤਾ ਸੀ | ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਟਵੀਟਾਂ ‘ਚ ਪ੍ਰਗਟਾਈ ਗਈ ਚਿੰਤਾ ਬੇਬੁਨਿਆਦ ਹੈ | ਬੁਲਾਰੇ ਨੇ ਸਪਸ਼ਟ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਦੇ ਪ੍ਰਸ਼ਾਸਕ ਦੀ ਜ਼ਿੰਮੇਵਾਰੀ ਤੋਂ ਹਟਾਉਣ ਦਾ ਕੋਈ ਫ਼ੈਸਲਾ ਨਹੀਂ ਲਿਆ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਵਿਚਾਰ ਅਧੀਨ ਹੈ | ਬੁਲਾਰੇ ਨੇ ਇਹ ਵੀ ਸਪਸ਼ਟ ਕੀਤਾ ਕਿ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਨੂੰ ਕੇਂਦਰੀ ਗ੍ਰਹਿ ਮੰਤਰੀ ਸਾਹਮਣੇ ਨਹੀਂ ਉਠਾਇਆ ਹੈ | ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਇਸ ਨੂੰ ਜਲਦ ਤੋਂ ਜਲਦ ਵਾਪਸ ਪੰਜਾਬ ਨੂੰ ਦੇਣਾ ਚਾਹੀਦਾ ਹੈ | (ਪੀ. ਟੀ. ਆਈ.)
