ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਅਜੀਤ’ ਨਾਲ ਗੱਲ ਕਰਦਿਆਂ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਹੋਈ ਅਣਗਹਿਲੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੱਡਾ ਦੋਸ਼ ਲਾਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਕਤਲ ਦੀ ਸਾਜਿਸ਼ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਚੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਇਨ੍ਹਾਂ ਆਗੂਆਂ ਦੇ ਆਸ-ਪਾਸ ਦੇ ਲੋਕਾਂ, ਇਨ੍ਹਾਂ ਦੀ ਸੁਰੱਖਿਆ ‘ਚ ਲੱਗੇ ਅਮਲੇ ਦਾ ਮੋਬਾਈਲ ਡਾਟਾ ਤੇ ਇਨ੍ਹਾਂ ਦੀ ਲੋਕੇਸ਼ਨ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚ ਸਾਹਮਣੇ ਆ ਸਕੇ। ਇਨ੍ਹਾਂ ਦੇ ਸਾਰੇ ਰਿਕਾਰਡ ਸੀਲ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਤੇ ਕਾਂਗਰਸ ਪ੍ਰਧਾਨ ਦੇ ਸੜਕੀ ਰੂਟ ਬਦਲ ਜਾਂਦੇ ਹਨ ਤਾਂ ਫਿਰ ਪ੍ਰਧਾਨ ਮੰਤਰੀ ਦਾ ਕਿਉਂ ਨਹੀਂ ਬਦਲਿਆ ਗਿਆ। ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਵੱਲ ਪ੍ਰਧਾਨ ਮੰਤਰੀ ਨੂੰ ਜਾਣ ਬੁਝ ਕੇ ਸਾਜਿਸ਼ ਤਹਿਤ ਭੇਜਿਆ ਤੇ ਉਸ ਸਮੇਂ ਪੰਜਾਬ ਸਰਕਾਰ ਦੇ ਡੀ.ਜੀ.ਪੀ ਜੋ ਕਿ ਡੀ.ਜੀ.ਪੀ ਲੱਗਣ ਦੇ ਪੂਰੀ ਤਰ੍ਹਾਂ ‘ਅਨਫਿਟ’ ਸਨ, ਵੀ ਉਥੇ ਮੌਜੂਦ ਨਹੀਂ ਸਨ ਤੇ ਇਹ ਸਾਰਾ ਕੁਝ ਉਨ੍ਹਾਂ ਦੀ ਅਣਗਹਿਲੀ ਤੇ ਨਾਕਾਬਲੀਅਤ ਕਰਕੇ ਹੋਇਆ ਹੈ।
