ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਤਲਵੰਡੀ ਸਾਬੋ ਵਿਖੇ ਪੰਥਕ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਹਨਾਂ ਨੂੰ ਜਦੋਂ ਅੰਮ੍ਰਿਤਪਾਲ ਸਿੰਘ ਦੇ ਸਰੰਡਰ ਕਰਨ ਦਾ ਸਵਾਲ ਪੁੱਛਿਆ ਗਿਆ ਤਾਂ ਐਮ.ਪੀ. ਮਾਨ ਭੜਕਦੇ ਹੋਏ ਵਿਖਾਈ ਦਿੱਤੇ ਅਤੇ ਕਿਹਾ ਕਿ ਸਿੱਖ ਕਦੇ ਵੀ ਸਰੰਡਰ ਨਹੀਂ ਕਰਦੇ। ਇਸ ਦੇ ਨਾਲ ਹੀ ਉਹਨਾਂ ਸੁਨੇਹਾ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਆਤਮ-ਸਮਰਪਣ ਨਹੀਂ ਕਰਨਾ ਚਾਹੀਦਾ।
ਇਸ ਤੋਂ ਬਾਅਦ ਜਦੋਂ ਉਹਨਾਂ ਤੋਂ ਫਰਾਰ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨਾਲ ਸੰਪਰਕ ਹੋਣ ਬਾਰੇ ਪੁੱਛਿਆ ਗਿਆ ਤਾਂ ਉਹ ਕਾਫੀ ਗੁੱਸੇ ਵਿਚ ਨਜ਼ਰ ਆਏ ਤੇ ਆਖਿਆ ਹੈ ਕਿ ਮੈਂ ਤੁਹਾਨੂੰ ਕਿਉਂ ਦੱਸਾਂ। ਇਸ ਤੋਂ ਇਲਾਵਾ ਉਹਨਾਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ‘ਤੇ ਵੀ ਸਵਾਲ ਖੜੇ ਕੀਤੇ। ਸੰਸਦ ਮੈਂਬਰ ਮਾਨ ਨੇ ਕਿਹਾ ਕਿ ਜਥੇਦਾਰ ਦੀ ਨਿਯੁਕਤੀ ਜਾਇਜ਼ ਨਹੀਂ ਹੋਈ ਅਤੇ ਕਿਹਾ ਕਿ ਜਥੇਦਾਰ ਕਦੇ ਵੀ ਸਿੱਖੀ ਦੀ ਗੱਲ ਨਹੀਂ ਕਰ ਸਕਦੇ। ਇਸ ਦੌਰਾਨ ਉਹਨਾਂ ਨੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ ਆਪਣੀ ਪਾਰਟੀ ਦੀ ਵੱਡੀ ਲੀਡ ਨਾਲ ਜਿੱਤ ਹੋਣ ਦਾ ਵੀ ਦਾਅਵਾ ਠੋਕਿਆ ਹੈ।
