ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ 24 ਘੰਟਿਆਂ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਇਸ ਦੌਰਾਨ ਹਾਲ ਹੀ ਅੰਮ੍ਰਿਤਸਰ ‘ਚ ਵਾਪਰੇ ਧਮਾਕਿਆਂ ਤੋਂ ਸਬਕ ਲੈਂਦੇ ਹੋਏ ਪੰਜਾਬ ਪੁਲਿਸ ਅਲਰਟ ਹੋ ਗਈ ਹੈ ਅਤੇ ਉਹਨਾਂ ਨੇ ਸੂਬੇ ਭਰ ਵਿਚ ਸਰਚ ਆਪਰੇਸ਼ਨ ਚਲਾ ਦਿੱਤਾ ਅਤੇ ਸੁਰੱਖਿਆ ਵਧਾ ਦਿੱਤੀ ਹੈ। ‘ਆਪਰੇਸ਼ਨ Vigil’ ਦੀ ਸ਼ੁਰੂਆਤ ਕਰਦਿਆਂ ਪੁਲਿਸ ਵਲੋਂ ਪੂਰੇ ਪੰਜਾਬ ਵਿਚ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਕੱਲ੍ਹ ਨੂੰ ਹੋਣ ਵਾਲੀਆਂ ਚੋਣਾਂ ਸ਼ਾਂਤੀਪੂਰਨ, ਸੁਤੰਤਰ ਅਤੇ ਨਿਰਪੱਖ ਤਰੀਕੇ ਨਾਲ ਕਰਵਾਈਆਂ ਜਾ ਸਕਣ।

ਪੰਜਾਬ ਪੁਲਿਸ ਵੱਲੋਂ ਅੱਜ ਸ਼ਹਿਰੀ ਖੇਤਰਾਂ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਤਹਿਤ ਸ਼ਹਿਰਾਂ ਵਿੱਚ ਦਾਖਲ ਹੋਣ ਅਤੇ ਬਾਹਰ ਜਾਣ ਵਾਲੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ। ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਅੱਖ ਰੱਖਣ ਲਈ ਸੂਬੇ ਭਰ ਵਿਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰ੍ਹਾਂ ਸਰਹੱਦੀ ਜ਼ਿਲ੍ਹਿਆਂ ਦੇ ਐੱਸ. ਐੱਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਹਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿਚ ਦਾਖ਼ਲ ਨਾ ਹੋਣ ਦਿੱਤਾ ਜਾਵੇ।

