ਫਰੀਦਕੋਟ ਵਿੱਚ ਹੋਈ ਬਰਗਾੜੀ ਬੇਅਦਬੀ ਮਾਮਲੇ ‘ਚ ਸੀਬੀਆਈ ਦੀ ਕਲੋਜ਼ਰ ਰਿਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਨੂੰ ਲੈਕੇ ਡੇਰਾ ਮੁਖੀ ਰਾਮ ਰਹੀਮ ਨੇ ਕੋਰਟ ਵਿਚ ਇਕ ਅਰਜ਼ੀ ਦਾਖਲ ਕੀਤੀ ਸੀ ਜਿਸ ਅਰਜ਼ੀ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸਾਲ 2015 ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਨਾਂ ਖਿਲਾਫ ਚੱਲ ਰਹੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤੀ ਸੀ। ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ਵਿੱਚ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਨਵੰਬਰ 2022 ਵਿੱਚ ਕੋਟਕਪੂਰਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪੈਰੋਕਾਰਾਂ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵੱਲੋਂ ਸੁਪਰੀਮ ਕੋਰਟ ਵਿੱਚ ਤਬਾਦਲਾ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 2017 ‘ਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਸਾਧਵੀਆਂ ਨਾਲ ਬਲਾਤਕਾਰ ਮਾਮਲੇ ਵਿੱਚ 20 ਸਾਲ ਸਜ਼ਾ ਸੁਣਾਈ ਸੀ। ਉਸ ਸਮੇਂ ਤੋਂ ਹੀ ਉਹ ਹਰਿਆਣਾ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਸੀਬੀਆਈ ਦੀ ਪੰਚਕੂਲਾ ਅਦਾਲਤ ਨੇ ਡੇਰਾ ਮੁਖੀ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਨੇ ਕਤਲ ਮਾਮਲੇ ਵਿੱਚ ਵੀ ਦੋਸ਼ੀ ਠਹਿਰਾਇਆ ਸੀ। ਇਸ ਮਾਮਲੇ ’ਚ ਵੀ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

