ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਟਾਲਣ ਦੇ ਕਿਆਸਾਂ ਦਰਮਿਆਨ ਸਮੇਂ ਸਿਰ ਚੋਣਾਂ ਕਰਵਾਉਣ ਦਾ ਐਲਾਨ ਕਰਦਿਆਂ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਇਹ ਵੀ ਕਿਹਾ ਕਿ ਰੈਲੀਆਂ ਨੂੰ ਸੀਮਤ ਕਰਨ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਚੰਦਰਾ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਜਿਨ੍ਹਾਂ ‘ਚ ਭਾਜਪਾ, ਸਮਾਜਵਾਦੀ ਪਾਰਟੀ, ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਵੀ ਸ਼ਾਮਿਲ ਹਨ, ਚਾਹੁੰਦੀਆਂ ਹਨ ਕਿ ਚੋਣਾਂ ਮਿੱਥੇ ਸਮੇਂ ‘ਤੇ ਹੀ ਕਰਵਾਈਆਂ ਜਾਣ। ਉਨ੍ਹਾਂ ਸੰਕੇਤ ਦਿੱਤਾ ਕਿ ਚੋਣਾਂ ਵਾਲੇ ਰਾਜਾਂ ‘ਚ ਚੋਣਾਂ ਨੂੰ ਮੁਲਤਵੀ ਨਹੀਂ ਕੀਤਾ ਜਾਵੇਗਾ, ਵਿਧਾਨ ਸਭਾ ਚੋਣਾਂ ਮਿੱਥੇ ਸਮੇਂ ‘ਤੇ ਹੀ ਹੋਣਗੀਆਂ। ਪ੍ਰੈੱਸ ਕਾਨਫ਼ਰੰਸ ‘ਚ ਚੋਣ ਕਮਿਸ਼ਨ ਨੇ ਕੋਰੋਨਾ ‘ਤੇ ਕਾਬੂ ਪਾਉਣ ਲਈ ਵਰਤੇ ਜਾਣ ਵਾਲੇ ਇਹਤਿਆਤੀ ਕਦਮਾਂ ਦਾ ਬਿਓਰਾ ਦਿੰਦਿਆਂ ਕਿਹਾ ਕਿ ਵੋਟਿੰਗ ਦਾ ਸਮਾਂ ਇਕ ਘੰਟਾ ਹੋਰ ਵਧਾਇਆ ਜਾਵੇਗਾ ਅਤੇ ਸਮਾਜਿਕ ਦੂਰੀ ਦਾ ਧਿਆਨ ਰੱਖਦਿਆਂ 11 ਹਜ਼ਾਰ ਵੋਟਿੰਗ ਬੂਥ ਹੋਰ ਵਧਾਏ ਜਾਣਗੇ। ਇਸ ਤੋਂ ਇਲਾਵਾ ਅੰਗਹੀਣਾਂ ਅਤੇ ਬਜ਼ੁਰਗਾਂ ਘਰ ਤੋਂ ਹੀ ਵੋਟਿੰਗ ਦੇ ਹੱਕ ਦੀ ਵਰਤੋਂ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ‘ਚ ਮੌਜੂਦਾ ਸਰਕਾਰ ਦਾ ਕਾਰਜਕਾਲ 14 ਮਈ ਨੂੰ ਖ਼ਤਮ ਹੋ ਰਿਹਾ ਹੈ। ਕਮਿਸ਼ਨ ਵਲੋਂ ਜਨਵਰੀ ਦੇ ਦੂਜੇ ਹਫਤੇ ‘ਚ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ 9 ਤੋਂ 15 ਜਨਵਰੀ ਦਰਮਿਆਨ ਕਦੇ ਵੀ ਉੱਤਰ ਪ੍ਰਦੇਸ਼ ‘ਚ ਆਦਰਸ਼ ਚੋਣ ਜਾਬਤਾ ਲਾਗੂ ਹੋ ਸਕਦਾ ਹੈ।
