ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਪਿੰਡ ਬਾਦਲ ਵਿਖੇ ਕੱਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਅੱਜ ਫੁੱਲ ਚੁਗਣ ਦੀ ਰਸਮ ਉਹਨਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਗਈ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅਰਦਾਸ ਕੀਤੀ ਅਤੇ ਇਸ ਤੋਂ ਪਹਿਲਾਂ ਦਮਦਮੀ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾਂ ਨੇ ਗੁਰਬਾਣੀ ਦਾ ਜਾਪ ਕੀਤਾ। ਫੁੱਲ ਚੁੱਗਣ ਦੀ ਦੀ ਰਸਮ ਪੁੱਤਰ ਸੁਖਬੀਰ ਸਿੰਘ ਬਾਦਲ, ਬੇਟੀ ਪ੍ਰਨੀਤ ਕੌਰ, ਨੂੰਹ ਹਰਸਿਮਰਤ ਕੌਰ ਬਾਦਲ , ਪੋਤਰਾ ਅਨੰਤਵੀਰ ਸਿੰਘ, ਪੋਤਰੀਆਂ ਹਰਕੀਰਤ ਕੌਰ, ਗੁਰਲੀਨ ਕੌਰ, ਬਿਕਰਮ ਸਿੰਘ ਮਜੀਠੀਆ ਅਤੇ ਮਨਪ੍ਰੀਤ ਸਿੰਘ ਬਾਦਲ ਸਮੇਤ ਹੋਰ ਪਰਿਵਾਰਕ ਮੈਂਬਰਾਂ ਵਲੋਂ ਕੀਤੀ ਗਈ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਜਗਦੀਪ ਸਿੰਘ ਨਕਈ, ਸਮੇਤ ਵੱਖ ਵੱਖ ਪਾਰਟੀਆਂ ਦੇ ਆਗੂ ਵਰਕਰ ਅਤੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਲੋਕ ਮੌਜੂਦ ਸਨ ।


ਇਸ ਮੌਕੇ ਪਰਿਵਾਰ ‘ਚ ਮਾਹੌਲ ਕਾਫ਼ੀ ਗਮਗੀਨ ਬਣਿਆ ਹੋਇਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਬੀਤੇ ਦਿਨ ਉਨ੍ਹਾਂ ਦੇ ਹੀ ਜੱਦੀ ਪਿੰਡ ਵਿਖੇ ਕੀਤਾ ਗਿਆ ਸੀ ਅਤੇ ਅੰਤਿਮ ਵਿਦਾਈ ਵੇਲੇ ਹਰ ਕਿਸੇ ਦੀਆਂ ਅੱਖਾਂ ‘ਚ ਹੰਝੂ ਸਨ। ਮਿਲੀ ਜਾਣਕਾਰੀ ਮੁਤਾਬਿਕ 4 ਮਈ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਹੋਵੇਗੀ। ਫਿਲਹਾਲ ਅੰਤਿਮ ਅਰਦਾਸ ਦੇ ਲਈ ਤੈਅ ਸਥਾਨ ਦੀ ਜਾਣਕਾਰੀ ਨਹੀਂ ਮਿਲੀ ਹੈ।


ਦਸਣਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਬੀਤੇ ਮੰਗਲਵਾਰ ਰਾਤ ਨੂੰ ਆਖ਼ਰੀ ਸਾਹ ਲਏ ਸਨ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਦੇ ਚੱਲਦਿਆਂ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਦਿਹਾਂਤ ਤੋਂ ਮਗਰੋਂ ਪਰਿਵਾਰ ‘ਚ ਸੋਗ ਦੀ ਲਹਿਰ ਹੈ।
