ਭਾਰਤੀ ਕੁਸ਼ਤੀ ਮਹਾਸੰਘ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈਕੇ ਦਿੱਲੀ ਦੇ ਜੰਤਰ-ਮੰਤਰ ਵਿਖੇ ਧਰਨਾ-ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਇਸ ਦੌਰਾਨ ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਅਹਿਮ ਫ਼ੈਸਲਾ ਲੈਂਦਿਆਂ ਇਸ ਕੇਸ ਨੂੰ ਬੰਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਮਾਮਲੇ ‘ਚ ਐੱਫ.ਆਈ.ਆਰ. ਦਰਜ ਹੋ ਗਈ ਹੈ। ਨਾਬਾਲਗ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਪਟੀਸ਼ਨ ਦਾ ਉਦੇਸ਼ ਐਫਆਈਆਰ ਸੀ, ਜੋ ਪੂਰੀ ਹੋ ਚੁੱਕੀ ਹੈ। ਸਾਰੇ ਸ਼ਿਕਾਇਤਕਰਤਾਵਾਂ ਨੂੰ ਸੁਰੱਖਿਆ ਵੀ ਦਿੱਤੀ ਗਈ ਹੈ। ਇਨ੍ਹਾਂ ਸਾਰੇ ਤੱਥਾਂ ਦੇ ਮੱਦੇਨਜ਼ਰ ਇਸ ਦੀ ਸੁਣਵਾਈ ਇੱਥੇ ਪੂਰੀ ਹੁੰਦੀ ਹੈ। ਜੇਕਰ ਕੋਈ ਹੋਰ ਸਮੱਸਿਆ ਆਉਂਦੀ ਹੈ ਤਾਂ ਪਹਿਲਵਾਨ ਹਾਈ ਕੋਰਟ ਜਾਂ ਸਬੰਧਤ ਮੈਜਿਸਟਰੇਟ ਦੀ ਅਦਾਲਤ ਵਿੱਚ ਜਾ ਸਕਦੇ ਹਨ। ਇਸਦੇ ਨਾਲ ਹੀ ਤੁਹਾਨੂੰ ਦਸ ਦਈਏ ਕਿ ਦਿੱਲੀ ਪੁਲਿਸ ਨੇ ਬ੍ਰਿਜਭੂਸ਼ਣ ਖ਼ਿਲਾਫ਼ ਦਰਜ ਐਫਆਈਆਰ ਵਿੱਚ ਹੋਈ ਪ੍ਰਗਤੀ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਫਿਰ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਇਹ ਫੈਸਲਾ ਲਿਆ।
ਇਸ ਤੋਂ ਪਹਿਲਾਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਬੈਂਚ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਨਾਬਾਲਗ ਸਮੇਤ ਸਾਰੀਆਂ 7 ਸ਼ਿਕਾਇਤਕਰਤਾ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਸਾਰੀਆਂ ਗੱਲਾਂ ਲਈ ਇੱਥੇ ਆਉਂਦੇ ਹਨ ਤਾਂ ਇਹ ਠੀਕ ਨਹੀਂ ਹੈ। ਦਿੱਲੀ ਪੁਲਿਸ ਆਪਣਾ ਕੰਮ ਕਰ ਰਹੀ ਹੈ। ਮਹਿਲਾ ਪਹਿਲਵਾਨਾਂ ਦੀ ਸ਼ਿਕਾਇਤ ‘ਤੇ ਲੇਡੀ ਸੀਨੀਅਰ ਅਧਿਕਾਰੀ ਰਾਹੀਂ ਕਾਰਵਾਈ ਕੀਤੀ ਜਾ ਰਹੀ ਹੈ। ਪਰ ਹਰ ਗੱਲ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕਰਨਾ ਠੀਕ ਨਹੀਂ ਹੈ।
