ਅੱਜ ਪੰਜਾਬ ਕੈਬਨਿਟ ‘ਚ ਮੁੜ ਵੱਡਾ ਵਿਸਤਾਰ ਕੀਤਾ ਗਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੇ ਅਸਤੀਫੇ ਤੋਂ ਬਾਅਦ ਅੱਜ ਦੋ ਵਿਧਾਇਕਾਂ ਦੀ ਮੰਤਰੀ ਮੰਡਲ ‘ਚ ਐਂਟਰੀ ਹੋਈ ਹੈ। ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਸਹੁੰ ਚੁੱਕਵਾਈ ਗਈ ਹੈ ਅਤੇ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ।
ਇਸ ਤੋਂ ਬਾਅਦ ਹੁਣ ਮੰਤਰੀਆਂ ਦੇ ਵਿਭਾਗਾਂ ‘ਚ ਫੇਰਬਦਲ ਹੋ ਸਕਦਾ ਹੈ। ਇਸ ਦੇ ਨਾਲ ਹੀ ਬਲਕਾਰ ਸਿੰਘ ਦੋਆਬਾ ਖੇਤਰ ਤੋਂ ਬ੍ਰਹਮ ਸ਼ੰਕਰ ਜਿੰਪਾ ਮਗਰੋਂ ਦੂਜੇ ਮੰਤਰੀ ਬਣ ਗਏ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣਾ ਅਸਤੀਫ਼ਾ ਮੁੱਖ ਮੰਤਰੀ ਮਾਨ ਨੂੰ ਸੌਂਪ ਦਿੱਤਾ ਸੀ, ਜਿਸ ਨੂੰ ਮੁੱਖ ਮੰਤਰੀ ਨੇ ਅੱਗੇ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ।
ਮਨਜ਼ੂਰੀ ਤੋਂ ਬਾਅਦ ਰਾਜਪਾਲ ਤੋਂ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਲਈ ਸਮਾਂ ਲਿਆ ਗਿਆ। ਇਹ ਵੀ ਦੱਸ ਦੇਈਏ ਕਿ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਕੀਤੇ ਕੰਮ ਦਾ ਇਨਾਮ ਮਿਲਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਵੀ ਲੰਬੀ ਤੋਂ 5 ਵਾਰ ਦੇ ਮੁੱਖ ਮੰਤਰੀ ਰਹੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।
