ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ‘ਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ | ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਨਿਰਦੇਸ਼ ਬਾਸਮਤੀ ਚੌਲਾਂ ਦੀ ਗੁਣਵੱਤਾ ‘ਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ | ਉਨ੍ਹਾਂ ਕਿਹਾ ਐਸੀਫੇਟ, ਬੁਪਰੋਫੇਜਿਨ, ਕਲੋਰੋਪਾਈਰੀਫੋਸ, ਮੈਥਾਮਾਈਡੋਫੋਸ, ਪ੍ਰੋਪੀਕੋਨਾਜੋਲ ਥਿਆਮੈਥੋਕਸਮ, ਪ੍ਰੋਫੈਨੋਫੋਸ, ਆਈਸੋਪ੍ਰੋਥੀਓਲੇਨ, ਕਾਰਬੈਂਡਾਜ਼ਿਮ ਟ੍ਰਾਈਸਾਈਕਲਾਜੋਲ ਵਰਗੇ ਕੀਟਨਾਸ਼ਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਚੌਲਾਂ ਖ਼ਾਸ ਕਰਕੇ ਬਾਸਮਤੀ ਚੌਲਾਂ ਦੀ ਬਰਾਮਦ ਅਤੇ ਖਪਤ ‘ਚ ਸੰਭਾਵੀ ਰੁਕਾਵਟਾਂ ਬਣ ਰਹੇ ਸਨ | ਧਾਲੀਵਾਲ ਨੇ ਅੱਗੇ ਕਿਹਾ ਕਿ ਉਪਰੋਕਤ ਕੀਟਨਾਸ਼ਕਾਂ ‘ਤੇ ਪੰਜਾਬ ਵਿਚ 60 ਦਿਨਾਂ ਦੀ ਮਿਆਦ ਲਈ ਪਾਬੰਦੀ ਲਗਾਈ ਗਈ ਹੈ ਤਾਂ ਜੋ ਬਿਨਾਂ ਕਿਸੇ ਰਹਿੰਦ-ਖੂੰਹਦ ਦੇ ਵਧੀਆ ਗੁਣਵੱਤਾ ਵਾਲੇ ਬਾਸਮਤੀ ਚੌਲ ਪੈਦਾ ਕੀਤੇ ਜਾ ਸਕਣ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮਾਹਿਰਾਂ ਅਨੁਸਾਰ ਇਨ੍ਹਾਂ ਖੇਤੀ ਰਸਾਇਣਾਂ ਦੀ ਵਰਤੋਂ ਕਾਰਨ ਬਾਸਮਤੀ ਚੌਲਾਂ ‘ਚ ਸਮਰੱਥ ਅਥਾਰਟੀ ਦੁਆਰਾ ਨਿਰਧਾਰਿਤ ਮੈਕਸੀਅਮ ਰੈਜੀਡਿਊਲ ਲੈਵਲ (ਐਮਆਰਐਲ) ਤੋਂ ਵੱਧ ਕੀਟਨਾਸ਼ਕ ਰਹਿੰਦ-ਖੂੰਹਦ ਹੋਣ ਦਾ ਖ਼ਤਰਾ ਹੈ | ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਰਾਈਸ ਮਿੱਲਰਜ਼ ਐਂਡ ਐਕਸਪੋਰਟਰਜ਼ ਐਸੋਸੀਏਸ਼ਨ ਵਲੋਂ ਵੀ ਇਹ ਪਾਇਆ ਗਿਆ ਹੈ ਕਿ ਉਨ੍ਹਾਂ ਵਲੋਂ ਟੈੱਸਟ ਕੀਤੇ ਕਈ ਨਮੂਨਿਆਂ ‘ਚ ਇਨ੍ਹਾਂ ਦੀ ਰਹਿੰਦ-ਖੂੰਹਦ ਦਾ ਮੁੱਲ ਬਾਸਮਤੀ ਚੌਲਾਂ ‘ਚ ਐਮ.ਆਰ.ਐਲ. ਤਹਿ ਤੋਂ ਕਿਤੇ ਵੱਧ ਪਾਇਆ ਗਿਆ ਹੈ |
