ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ਵਿਖੇ ਪਹੁੰਚੇ। ਇਸ ਦੌਰਾਨ ਉਹਨਾਂ ਵਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਮਾਨ ਨੇ ਕਿਹਾ ਕਿ ਪੰਜਾਬ ਹੁਣ ਤਰੱਕੀ ਦੀ ਰਾਹ ‘ਤੇ ਚੱਲ ਪਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਸ਼ਹਿਰ ਨੂੰ ਸ਼ੀਸ਼ੇ ਵਾਂਗੂ ਚਮਕਾ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਹਰ ਰੋਜ਼ 4-5 ਤਰੱਕੀ ਦੇ ਬਟਨ ਦੱਬਦਾ ਹਾਂ। ਮੀਂਹ ਅਤੇ ਗੜ੍ਹੇਮਾਰੀ ਕਾਰਨ ਖ਼ਰਾਬ ਹੋਈ ਕਿਸਾਨਾਂ ਦੀ ਫ਼ਸਲ ਦੇ ਮੁਆਵਜ਼ੇ ਬਾਰੇ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਜਲਦੀ ਦੀ ਕਿਸਾਨਾਂ ਨੂੰ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 15 ਹਜ਼ਾਰ ਰੁਪਏ ਪ੍ਰਤੀ ਏਕੜ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਕਿਸਾਨਾਂ ਨੂੰ ਦਿੱਤਾ ਜਾਵੇਗਾ।
ਭਗਵੰਤ ਮਾਨ ਨੇ ਸਰਕਾਰ ਦੇ ਅੱਗੇ ਦੇ ਪਲਾਨ ਬਾਰੇ ਦੱਸਦੇ ਹੋਏ ਕਿਹਾ ਕਿ ਵੇਰਕਾ ਨੂੰ ਪੰਜਾਬ ਦਾ ਕਮਾਊ ਪੁੱਤ ਬਣਾ ਰਹੇ ਹਾਂ ਅਤੇ ਦਿੱਲੀ ਅਤੇ ਹਿਮਾਚਲ ਤੱਕ ਵੇਰਕਾ ਨੂੰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਜ਼ੇ ਦਾ 36 ਹਜ਼ਾਰ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੀ ਲੀਹ ਜਿਹੜੀ ਪਾਈ ਗਈ ਹੈ, ਉਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਲੋਕ ਆਪਣਾ ਸਹਿਯੋਗ ਦਿੰਦੇ ਰਹਿਣ।
