ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂਘਰ ਦੇ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਦੀ ਸਲਾਹ ਦਿੱਤੀ ਹੈ। ਇਹ ਪ੍ਰਤੀਕਿਰਿਆ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਬਾਣੀ ਪ੍ਰਸਾਰਣ ਸਬੰਧੀ ਦਿੱਤੇ ਬਿਆਨ ਤੋਂ ਬਾਅਦ ਆਈ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਉਨ੍ਹਾਂ ਦੀਆਂ ਲਟਕਦੀਆਂ ਮੰਗਾਂ ਵੱਲ ਧਿਆਨ ਦੇਣ ਲਈ ਕਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ 7 ਮੈਂਬਰੀ ਸਬ-ਕਮੇਟੀ ਦਾ ਗਠਨ ਕੀਤਾ ਜਾ ਚੁੱਕਾ ਹੈ। ਉਸ ਦੀ ਰਿਪੋਰਟ ‘ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪ੍ਰਸਾਰਣ ਦਾ ਅਧਿਕਾਰ ਕੇਂਦਰ ਕੋਲ ਹੈ, ਜਿਸ ਤੋਂ ਗਠਿਤ ਕਮੇਟੀ ਗੱਲ ਕਰੇਗੀ। ਗੁਰੂਘਰ ਦੀ ਸੇਵਾ ਸੰਗਤ ਦੇ ਪ੍ਰਸ਼ਾਦ ਨਾਲ ਹੁੰਦੀ ਹੈ ਅਤੇ ਸੰਗਤ ਸਭ ਕੁਝ ਕਰਨ ਦੇ ਸਮਰੱਥ ਹੈ। ਪੰਜਾਬ ਦੇ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਧਰਮ ਦੇ ਨਾਂ ‘ਤੇ ਰਾਜਨੀਤੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਸਰਕਾਰ ਵੱਲੋਂ ਕੀਤੇ ਕੰਮਾਂ ਵੱਲ ਧਿਆਨ ਦੇਣ।
