ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਰੰਧਾਵਾ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਵਿਰੋਧੀ ਪਾਰਟੀਆਂ ਇੱਕ ਮੰਚ ‘ਤੇ ਇਕੱਠੀਆਂ ਹੋ ਗਈਆਂ ਹਨ। ਇਸ ਸਬੰਧ ਵਿੱਚ ਸੈਕਟਰ-4 ਸਥਿਤ ਐੱਮ ਐੱਲ ਏ ਹੋਸਟਲ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਲਈ ਇਕੱਠੇ ਹੋਏ।
ਚੰਡੀਗੜ੍ਹ ਪੁਲੀਸ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾਂਦੇ ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸੀ ਕਾਰਕੂਨਾਂ ਨੂੰ ਬੈਰੀਕੇਡਿੰਗ ਕਰਕੇ ਐੱਮ ਐੱਲ ਏ ਹੋਸਟਲ ਦੇ ਗੇਟ ਉੱਥੇ ਰੋਕ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂਆਂ ਵੱਲੋਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।
ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਸਣੇ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ ਦਾ ਜਮਾਵੜਾ ਲੱਗ ਚੁੱਕਿਆ ਹੈ, ਜਿਨ੍ਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ।
