ਪੰਜਾਬ ਦੇ ਵਿਚ ਬੇਅਦਬੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਤਾਜ਼ਾ ਮਾਮਲਾ ਮੋਰਿੰਡਾ ਦੇ ਗੁਰਦੁਆਰਾ ਕੋਤਵਾਲੀ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਸਿੱਖ ਵਿਅਕਤੀ ਵਲੋਂ ਬੇਅਦਬੀ ਕੀਤੀ ਗਈ। ਇਕ ਨੌਜਵਾਨ ਗੁਰੂ ਘਰ ਅੰਦਰ ਦਾਖਲ ਹੋ ਗਿਆ ਅਤੇ ਪਾਠ ਕਰ ਰਹੇ ਗ੍ਰੰਥੀ ਸਿੰਘਾਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵੀ ਬੇਅਦਬੀ ਕੀਤੀ। ਇਸ ਤੋਂ ਬਾਅਦ ਸੰਗਤ ਨੇ ਉਸ ਨੂੰ ਕਾਬੂ ਕਰ ਕੁੱਟਮਾਰ ਕੀਤੀ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਬੇਅਦਬੀ ਦੀ ਘਟਨਾ ਤੋਂ ਬਾਅਦ ਸੰਗਤ ਨੇ ਧਰਨਾ ਲਗਾ ਦਿੱਤਾ ਹੈ। ਇਸ ਧਰਨੇ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ, ਜਿੰਨਾਂ ਨੇ ਕਾਰਵਾਈ ਦੀ ਮੰਗ ਕੀਤੀ ਹੈ।

ਇਸ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਪਾਠੀ ਸਿੰਘ ਨਾਲ ਹੀ ਕੋਈ ਰੰਜਿਸ਼ ਸੀ। ਬੇਸ਼ੱਕ ਪਾਠੀ ਸਿੰਘ ਨਾਲ ਕੋਈ ਰੌਲਾ ਹੋ ਸਕਦਾ ਹੈ ਪਰ ਗੁਰੂਘਰ ਅੰਦਰ ਵਾਪਰੀ ਇਹ ਘਟਨਾ ਬੇਹੱਦ ਮੰਦਭਾਗੀ ਅਤੇ ਸ਼ਰਮਨਾਕ ਹੈ। ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਮੰਦਭਾਗੀ ਘਟਨਾ ਵਾਪਰੀ ਹੈ।

