ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ 11 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ। ਅੰਦੋਲਨ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਹਾਸਲ ਜਾਣਕਾਰੀ ਮੁਤਾਬਕ ਇਜਲਾਸ ਦੀ ਸ਼ੁਰੂਆਤ ਵਿੱਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਇਜਲਾਸ 11 ਵਜੇ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ। ਇਜਲਾਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਦੇ ਜੀਵਨ, ਫਲਸਫੇ ਤੇ ਸਿੱਖਿਆਵਾਂ ਬਾਰੇ ਚਰਚਾ ਕੀਤੀ ਜਾਵੇਗੀ। ਉਧਰ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਵਿੱਚ ਆਪੋ-ਆਪਣੇ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ‘ਵ੍ਹਿਪ’ ਜਾਰੀ ਕੀਤਾ ਹੈ।
‘ਆਪ’ ਤੇ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦਾ ਐਲਾਨ ਕੀਤਾ ਹੋਇਆ ਹੈ। ਕਾਂਗਰਸ ਵੱਲੋਂ ਵਿਧਾਇਕਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਜਾਰੀ ਕੀਤੇ ਗਏ ਵ੍ਹਿੱਪ ਨੂੰ ਇਸੇ ਨਜ਼ਰੀਏ ਤੋਂ ਦੇਖਿਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਵਿਧਾਨਕਾਰ ਪਾਰਟੀ ਦੇ ਚੀਫ਼ ਵ੍ਹਿੱਪ ਹਰਦਿਆਲ ਸਿੰਘ ਕੰਬੋਜ ਜਦੋਂਕਿ ‘ਆਪ’ ਵੱਲੋਂ ਚੀਫ਼ ਵ੍ਹਿਪ ਕੁਲਤਾਰ ਸਿੰਘ ਸੰਧਵਾਂ ਨੇ ਆਪੋ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਵ੍ਹਿਪ ਜਾਰੀ ਕਰਦਿਆਂ ਵਿਸ਼ੇਸ਼ ਸੈਸ਼ਨ ਵਿੱਚ ਹਾਜ਼ਰੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੋਈ ਹੈ।

