ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਾ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕਾ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ਤੋਂ ਪਹਿਲਾਂ ਗੁੰਮਰਾਹ ਕੀਤਾ ਗਿਆ, ਜਦਕਿ ਮੁੱਖ ਮੰਤਰੀ ਦੇ ਅਹੁਦੇ ਲਈ ਨਵਜੋਤ ਸਿੰਘ ਸਿੱਧੂ ਹੀ ਯੋਗ ਉਮੀਦਵਾਰ ਹਨ | ਅੰਮਿ੍ਤਸਰ ਵਿਧਾਨ ਸਭਾ ਹਲਕਾ ਪੂਰਬੀ ਵਿਖੇ ਨਵਜੋਤ ਸਿੰਘ ਸਿੱਧੂ ਦੇ ਹੱਕ ‘ਚ ਚੋਣ ਪ੍ਰਚਾਰ ਦੌਰਾਨ ਕੁਝ ਕੁ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਦੀ ਇਸ ਵੱਡੀ ਕੁਰਸੀ ਲਈ ਕੋਈ ਮਾਪਦੰਡ ਤੈਅ ਕੀਤਾ ਜਾਣਾ ਚਾਹੀਦਾ ਹੈ, ਜਿਸ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਨਾਂਅ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਪੜ੍ਹਾਈ, ਉਨ੍ਹਾਂ ਦੇ ਕੰਮ, ਇਮਾਨਦਾਰੀ ਆਦਿ ਨੂੰ ਦੇਖਿਆ ਜਾਣਾ ਚਾਹੀਦਾ ਹੈ, ਅਜਿਹੇ ‘ਚ ਇਸ ਵੇਲੇ ਕਾਂਗਰਸ ‘ਚ ਇਸ ਅਹੁਦੇ ਲਈ ਸਿੱਧੂ ਸਹੀਂ ਉਮੀਦਵਾਰ ਸਨ | ਉਨ੍ਹਾਂ ਕਿਹਾ ਕਿ ਉਹ ਇਹ ਸਭ ਇਸ ਲਈ ਨਹੀਂ ਕਹਿ ਰਹੀ ਕਿਉਂਕਿ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਪਤੀ ਹਨ ਪਰ ਉਨ੍ਹਾਂ ਦਾ ਮਾਡਲ ਬਹੁਤ ਵਧੀਆ ਹੈ | ਜੇਕਰ ਉਹ ਮੁੱਖ ਮੰਤਰੀ ਬਣਦੇ ਤਾਂ 6 ਮਹੀਨਿਆਂ ‘ਚ ਪੰਜਾਬ ਦੀਆਂ ਸਮੱਸਿਆਵਾਂ ਹੱਲ ਹੋ ਜਾਣੀਆਂ ਸਨ | ਹਾਲਾਂਕਿ ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ‘ਤੇ ਕਿਹਾ ਕਿ ਉਹ ਇਸ ਮੌਕੇ ਆਪਣੇ ਛੋਟੇ ਭਾਈ ਚੰਨੀ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ ਹੈ
