ਜਲੰਧਰ ‘ਚ ਲੋਕ ਸਭਾ ਜ਼ਿਮਨੀ ਚੋਣ ਦੀ ਤਰੀਕ ਦੇ ਐਲਾਨ ਹੋਣ ਤੋਂ ਬਾਅਦ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਉਧਰ ਭਾਜਪਾ ਵਲੋਂ ਵੀ ਪੰਜਾਬ ‘ਚ ਆਪਣਾ ਦਬਦਬਾ ਕਾਇਮ ਕਰਨ ਲਈ ਹਰ ਪੂਰਨ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਅੱਜ ਜਲੰਧਰ ਵਿਖੇ ਇਕ ਪ੍ਰੈੱਸ ਵਾਰਤਾ ਕੀਤੀ ਜਿਸ ਦੌਰਾਨ ਉਹਨਾਂ ਵਲੋਂ ਜਲੰਧਰ ਤੋਂ ਸੇਵਾਮੁਕਤ ਪੁਲਿਸ ਅਧਿਕਾਰੀ ਰਾਜਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਰਾਜਿੰਦਰ ਸਿੰਘ ਐੱਸ. ਪੀ. ਰੈਂਕ ਤੋਂ ਰਿਟਾਇਰਡ ਹੋਏ ਹਨ ਅਤੇ ਜਲੰਧਰ ਵਿਚ ਬਤੌਰ ਡੀ. ਸੀ. ਪੀ. ਵੀ ਰਹਿ ਚੁੱਕੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਲੰਧਰ ਦੀ ਸਿਆਸਤ ‘ਚ ਡੀ. ਸੀ. ਪੀ. ਰਹੇ ਬਲਕਾਰ ਸਿੰਘ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਕਰਤਾਰਪੁਰ ਤੋਂ ਵਿਧਾਇਕ ਬਣ ਚੁੱਕੇ ਹਨ ਅਤੇ ਹੁਣ ਇਸ ਵਾਰ ਰਾਜਿੰਦਰ ਸਿੰਘ ਨੇ ਲੋਕ ਸਭਾ ਜ਼ਿਮਨੀ ਚੋਣ ਤੋਂ ਤੁਰੰਤ ਪਹਿਲਾਂ ਭਾਜਪਾ ਜੁਆਇਨ ਕਰ ਲਈ ਹੈ। ਸ਼ੰਕਾ ਜਤਾਈ ਜਾ ਰਹੀ ਹੈ ਕਿ ਉਹ ਆਉਣ ਵਾਲੇ ਦਿਨਾਂ ਵਿਚ ਭਾਜਪਾ ਦੇ ਜਲੰਧਰ ਲੋਕ ਸਭਾ ਸੀਟ ਤੋਂ ਉਮੀਦਵਾਰ ਹੋ ਸਕਦੇ ਹਨ। ਇਥੇ ਦਸ ਦਈਏ ਕਿ ਜ਼ਿਮਨੀ ਚੋਣ ਦੀ ਤਰੀਕ ਦੇ ਐਲਾਨ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਤੋਂ ਇਲਾਵਾ ਕਿਸੇ ਵੀ ਸਿਆਸੀ ਪਾਰਟੀ ਨੇ ਜਲੰਧਰ ਲੋਕ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
