‘ਆਪਰੇਸ਼ਨ ਅੰਮ੍ਰਿਤਪਾਲ’ ਦੌਰਾਨ ਪੰਜਾਬ ਸਰਕਾਰ ‘ਤੇ ਕਈ ਮੀਡੀਆ ਅਦਾਰਿਆ ਉਪਰ ਕਾਰਵਾਈ ਕਰਨ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਹਨਾਂ ਵਲੋਂ 7 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਇਕ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਇਸ ’ਚ ਸਿੱਖ ਮੀਡੀਆ ਦੇ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਤਹਿਤ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਵਿਚਾਰਾਂ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਇਸ ਤੋਂ ਬਾਅਦ ਹੁਣ ਪ੍ਰਸ਼ਾਸਨ ਵਲੋਂ ਤਲਵੰਡੀ ਸਾਬੋ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕੀਤਾ ਹੈ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਣ ਲਈ ਸਿਰਜੇ ਝੂਠੇ ਬਿਰਤਾਂਤ ਨੂੰ ਪੰਜਾਬਪ੍ਰਸਤ ਪੱਤਰਕਾਰਾਂ ਅਤੇ ਚੈਨਲਾਂ ਨੇ ਸੱਚੀ ਪੱਤਰਕਾਰਤਾ ਰਾਹੀਂ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਰਕਾਰ ਨੇ ਕਾਨੂੰਨ ਛਿੱਕੇ ‘ਤੇ ਟੰਗ ਕੇ ਪੱਤਰਕਾਰਾਂ ਅਤੇ ਮੀਡੀਆ ਅਦਾਰਿਆਂ ਦੇ ਚੈਨਲਾਂ ਦੀ ਅਵਾਜ ਬੰਦ ਕੀਤੀ।
ਇਸ ਵਰਤਾਰੇ ਦੀ ਪੜਚੋਲ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਧਰਮ ਪ੍ਰਚਾਰ ਅਤੇ ਕੌਮੀ ਹੱਕਾਂ ਦੀ ਪਹਿਰੇਦਾਰੀ ਹਿੱਤ ਸਿੱਖ ਮੀਡੀਆ ਦਾ ਯੋਗਦਾਨ, ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ, ਸਿੱਖ ਮੀਡੀਆ ਨੂੰ ਚੁਣੌਤੀਆਂ ਅਤੇ ਭਵਿੱਖ ਦੀ ਰਣਨੀਤੀ ਦੇ ਵਿਸ਼ੇ ‘ਤੇ ਇੱਕ ਵਿਸ਼ੇਸ਼ ਇਕੱਤਰਤਾ ਮਿਤੀ 7 ਅਪ੍ਰੈਲ 2023 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ ‘ਚ ਬੁਲਾਈ ਗਈ ਹੈ।
