ਦਿੱਲੀ ਸ਼ਰਾਬ ਨੀਤੀ ਨੂੰ ਲੈਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਨੇ ਲਗਭਗ 9 ਘੰਟਿਆਂ ਤੱਕ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਸਿਆਸਤ ਗਰਮਾਉਂਦੀ ਹੋਈ ਵਿਖਾਈ ਦੇ ਰਹੀ ਹੈ। ਵਿਰੋਧੀ ਪਾਰਟੀਆਂ ‘ਆਪ ਸਰਕਾਰ ਨੂੰ ਘੇਰਨ ‘ਤੇ ਲੱਗੀਆਂ ਹੋਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਭਗਵੰਤ ਮਾਨ ਤੋਂ ਵੀ ਪੁੱਛਗਿੱਛ ਹੋਣੀ ਚਾਹੀਦੀ ਹੈ ਕਿਉਂਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਸੀਬੀਆਈ ਨੇ ਜਿਸ ਤਰੀਕੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦਿੱਲੀ ਆਬਕਾਰੀ ਮਾਮਲੇ ਵਿਚ ਪੁੱਛ-ਪੜਤਾਲ ਕੀਤੀ ਹੈ, ਉਸੇ ਤਰੀਕੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਕੀਤੀ ਜਾਵੇ।
ਜਲੰਧਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੀ ਹਾਜ਼ਰੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਤੋਂ ਪੁੱਛ-ਪੜਤਾਲ ਹੁੰਦੀ ਹੈ ਤਾਂ ਉਹ ਵੀ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ ਆਬਕਾਰੀ ਨੀਤੀ ਦੀ ਤਰਜ਼ ’ਤੇ ਬਣਾਈ ਗਈ ਹੈ।
