ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਸਬ-ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਵਿਚ SGPC ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਦਸ ਦਈਏ ਕਿ ਇਸ ਕਮੇਟੀ ਦਾ ਗਠਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਜੀ ਦੀ ਅਗਵਾਈ ਵਿਚ ਕੀਤਾ ਗਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਹ ਕਮੇਟੀ ਗ੍ਰਿਫ਼ਤਾਰ ਨੌਜਵਾਨਾਂ ਦੇ ਪਰਿਵਾਰਾਂ ਨੂੰ ਮਦਦ ਦੇਵੇਗੀ।
ਇਸ ਨੂੰ ਲੈਕੇ ਇਕ ਪ੍ਰੈੱਸ ਨੋਟ ਵੀ ਜਾਰੀ ਕੀਤਾ ਹੈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਮੌਜੂਦਾ ਸਮੇਂ ਦੌਰਾਨ ਸਰਕਾਰ ਵੱਲੋਂ ਪੰਜਾਬ ਵਿਚ ਸਿੱਖ ਕੌਮ ਦੇ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਨਾਜਾਇਜ਼ ਝੂਠੇ ਪਰਚੇ ਦਰਜ ਕਰਕੇ ਜੇਲ੍ਹਾਂ ਅੰਦਰ ਸੁੱਟਣਾ ਬਹੁਤ ਹੀ ਮੰਦਭਾਗਾ ਹੈ। ਇਸ ਤਹਿਤ ਸਿੰਘ ਸਾਹਿਬ ਨੇ ਪੀੜਤ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਜੀ ਰੋਡੇ, ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੈਂਬਰ ਸਾਹਿਬਾਨ ਦੀ ਸਬ-ਕਮੇਟੀ ਨਿਯਤ ਕਰਕੇ ਉਨ੍ਹਾਂ ਨੂੰ ਸੇਵਾ ਸੌਂਪੀ ਹੈ।
