ਬੀਤੇ ਕੱਲ੍ਹ ਇਕ ਸਿੱਖ ਵਿਅਕਤੀ ਵਲੋਂ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਪਾਠ ਕਰ ਰਹੇ ਪਾਠੀ ਸਿੰਘਾਂ ਦੀ ਕੁੱਟਮਾਰ ਦੇ ਨਾਲ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਸੀ। ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ‘ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜਕੇ ਉਸ ਦੀ ਕੁੱਟਮਾਰ ਕੀਤੀ। ਇਸ ਘਟਨਾ ਕਾਰਨ ਪੂਰੇ ਸਿੱਖ ਭਾਈਚਾਰੇ ’ਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਮੋਰਿੰਡਾ ਦੇ ਵਿਸ਼ਵਕਰਮਾ ਚੌਂਕ ’ਤੇ ਅੱਧੀ ਰਾਤ ਨੂੰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਿੱਖ ਸੰਗਤ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ। ਦੱਸ ਦਈਏ ਕਿ ਧਰਨਾ ਪ੍ਰਦਰਸ਼ਨ ਕਰ ਰਹੇ ਸਿੱਖ ਸੰਗਤ ਵੱਲੋਂ ਸੜਕ ਤੇ ਹੀ ਲੰਗਰ ਦਾ ਪ੍ਰਬੰਧ ਕਰ ਲਿਆ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਬੀਤੀ ਰਾਤ ਟਵੀਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।
ਦੱਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸਖਸ਼ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਐਸਐਸਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਐੱਫਆਈਆਰ ਦਰਜ ਕਰ ਲਈ ਹੈ। ਫੜੇ ਗਏ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਵਜੋਂ ਹੋਈ ਹੈ। ਉਹ ਮੋਰਿੰਡਾ ਦਾ ਰਹਿਣ ਵਾਲਾ ਹੈ।
ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਖੇਧੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਨਾ ਰੁਕਣ ਬਹੁਤ ਹੀ ਮੰਦਭਾਗਾ ਹੈ। ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ। ਇਸੇ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬੇਅਦਬੀ ਦੀ ਘਟਨਾ ਦੇ ਦੁੱਖਦਾਈ ਦ੍ਰਿਸ਼ ਲੋਕ ਸੋਸ਼ਲ ਮੀਡੀਆ ’ਤੇ ਪੋਸਟ ਕਰ ਰਹੇ, ਇਸ ਨਾਲ ਮਸਲਾ ਹੱਲ ਨਹੀਂ ਹੋਵੇਗਾ ਸਗੋਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਰਹੇਗੀ। ਨਾਲ ਹੀ ਉਹਨਾਂ ਪੰਜਾਬ ਸਰਕਾਰ ਤੇ ਪੰਜਾਬ ਪੁਲਸ ਨੂੰ ਸਾਈਬਰ ਸਪੇਸ ਤੋਂ ਅੱਜ ਦੀ ਘਟਨਾ ਦੇ ਪ੍ਰੇਸ਼ਾਨ ਕਰਨ ਵਾਲੇ ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਕੀਤੀ ਹੈ।
