ਪੰਜਾਬ ਦੀ ਸਿਆਸਤ ‘ਚ ਲੰਮਾ ਸਮਾਂ ਰਹੇ ਅਤੇ ਸਭ ਤੋਂ ਛੋਟੇ ਉਮਰ ਦੇ ਮੁੱਖ ਮੰਤਰੀ ਬਣੇ ਸ. ਪ੍ਰਕਾਸ਼ ਸਿੰਘ ਬਾਦਲ ਇਸ ਸੰਸਾਰ ਦੀ ਯਾਤਰਾ ਨੂੰ ਪੂਰੀ ਕਰਦੇ ਹੋਏ ਪੰਜ ਤੱਤਾਂ ‘ਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਬਾਦਲ ਵਿਖੇ ਕਰ ਦਿੱਤਾ ਗਿਆ ਹੈ। ਜਿੱਥੇ ਵੱਡੀ ਗਿਣਤੀ ‘ਚ ਸਿਆਸੀ ਆਗੂ, ਪਰਿਵਾਰ, ਰਿਸ਼ਤੇਦਾਰ ਅਤੇ ਆਮ ਲੋਕ ਪੁੱਜੇ ਹੋਏ ਸਨ। ਪਿੰਡ ਦੇ ਸ਼ਮਸ਼ਾਨਘਾਟ ‘ਚ ਜਗ੍ਹਾ ਘੱਟ ਹੋਣ ਦੇ ਕਾਰਨ ਉਨ੍ਹਾਂ ਦੇ ਖ਼ੁਦ ਦੇ ਬਾਗ ‘ਚ ਹੀ ਉਨ੍ਹਾਂ ਨੂੰ ਮੁੱਖ ਅਗਨੀ ਦਿੱਤੀ ਗਈ। ਇਸ ਮੌਕੇ ਸਭ ਦੀਆਂ ਅੱਖਾਂ ‘ਚ ਆਪਣੇ ਮਰਹੂਮ ਨੇਤਾ ਲਈ ਹੰਝੂਆਂ ਦਾ ਹੜ੍ਹ ਵਗ ਤੁਰਿਆ ਅਤੇ ਮਾਹੌਲ ਪੂਰੀ ਤਰ੍ਹਾਂ ਗਮਗੀਨ ਹੋ ਗਿਆ। ਅੰਤਿਮ ਸੰਸਕਾਰ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਰੱਖਿਆ ਗਿਆ ਸੀ। ਇੱਥੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਅਤੇ ਐੱਨ. ਸੀ. ਪੀ. ਚੀਫ਼ ਸ਼ਰਦ ਪਵਾਰ ਦੁੱਖ ਵੰਡਾਉਣ ਲਈ ਪੁੱਜੇ। ਇਸ ਤੋਂ ਪਹਿਲਾਂ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਲਈ ਪੁੱਜੇ ਸਨ।
ਪਿੰਡ ਬਾਦਲ ਦੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਥਾਂ ‘ਤੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਕੀਤਾ ਜਾ ਰਿਹਾ ਹੈ, ਉੱਥੇ ਪ੍ਰਕਾਸ਼ ਸਿੰਘ ਬਾਦਲ ਦੀ ਸਮਾਰਕ ਵੀ ਬਣਾਇਆ ਜਾਵੇਗਾ। ਇਹ ਸਮਾਰਕ ਪ੍ਰਕਾਸ਼ ਸਿੰਘ ਬਾਦਲ ਦੇ ਸਮਰਥਕਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਬਣਾਈ ਜਾ ਰਹੀ ਹੈ ਤਾਂ ਜੋ ਉਹ ਪ੍ਰਕਾਸ਼ ਸਿੰਘ ਬਾਦਲ ਦੀ ਜ਼ਿੰਦਗੀ ਤੋਂ ਪ੍ਰੇਰਣਾ ਲੈ ਸਕਣ। ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ਲਈ 2 ਏਕੜ ਜਗ੍ਹਾ ਖਾਲੀ ਕਰਾਈ ਗਈ ਹੈ। ਦਸ ਦਈਏ ਕਿ 95 ਸਾਲਾਂ ਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ। ਉਹ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
