ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈਕੇ ਸਿਆਸਤ ਪੂਰੀ ਤਰ੍ਹਾ ਗਰਮਾਈ ਆ ਹੋਈ ਹੈ। ਆਏ ਦਿਨ ਸਿਆਸੀ ਬਦਲਾਅ ਵੇਖਣ ਨੂੰ ਮਿਲ ਰਹੇ ਹੈ। ਇਸ ਦਰਮਿਆਨ ਹੁਣ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਵਿਚ BJP ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਬੀਬੀ ਜਗੀਰ ਕੌਰ ਨੇ ਪੰਜਾਬ ਭਾਜਪਾ ਦੇ ਇੰਚਾਰਜ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਮੌਜੂਦਗੀ ’ਚ ਆਯੋਜਿਤ ਪ੍ਰੋਗਰਾਮ ’ਚ ਕੀਤਾ।
ਦਸ ਦਈਏ ਕਿ ਬੀਬੀ ਜਗੀਰ ਕੌਰ ਕਈ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋ ਕੇ ਚੱਲ ਰਹੇ ਸਨ। ਉਨ੍ਹਾਂ ਨੂੰ ਪਾਰਟੀ ਵੱਲੋਂ ਨੋਟਿਸ ਵੀ ਭੇਜਿਆ ਗਿਆ ਸੀ। ਇਕ ਦਿਨ ਪਹਿਲਾਂ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਵੀ ਉਨ੍ਹਾਂ ਨੂੰ ਮਨਾਉਣ ਪੁੱਜੇ ਸਨ ਪਰ ਉਨ੍ਹਾਂ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਤੋਂ ਨਾਂਹ ਕਰ ਦਿੱਤੀ ਅਤੇ ਕਿਹਾ ਕਿ ਉਹ ਆਪਣੇ ਪੰਥਕ ਏਜੰਡੇ ’ਤੇ ਕੰਮ ਕਰ ਰਹੇ ਹਨ ਤੇ ਬਾਕੀ ਜੀਵਨ ਵੀ ਇਸੇ ’ਤੇ ਲਾਉਣਾ ਹੈ।
ਸ਼ੁੱਕਰਵਾਰ ਨੂੰ ਵੱਡੀ ਗਿਣਤੀ ’ਚ ਪਹੁੰਚੇ ਵਰਕਰਾਂ ਅਤੇ ਸਮਰਥਕਾਂ ਵਿਚਕਾਰ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਪੰਥ ਅਤੇ ਵਿਰਾਸਤ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਵਾਉਣ ਦੀ ਲੋੜ ਹੈ ਅਤੇ ਇਹ ਸਭ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਸੰਭਵ ਹੋ ਸਕਦਾ ਹੈ, ਇਸ ਲਈ ਉਹ ਸਾਰੇ ਸਮਰਥਕਾਂ ਦੀ ਸਹਿਮਤੀ ਨਾਲ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਮੁੱਦਿਆਂ ਨੂੰ ਹੱਲ ਕਰਵਾਉਣ ਲਈ ਕੰਮ ਕਰ ਰਹੇ ਹਨ। ਇਹ ਸਾਰੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਰੁਪਾਣੀ ਦੇ ਸਾਹਮਣੇ ਰੱਖੇ ਗਏ ਹਨ।
