‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪ੍ਰਣੀਤੀ ਚੋਪੜਾ ਦੀ 13 ਮਈ ਨੂੰ ਹੋਈ ਮੰਗਣੀ ਤੋਂ ਸ਼ਾਮਲ ਹੋਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਚਰਚਾ ਵਿੱਚ ਆ ਗਏ ਹਨ। ਜਿਥੇ ਸ਼ੋਮਣੀ ਅਕਾਲੀ ਦਲ ਵੱਲੋਂ ਇਸ ਉੱਤੇ ਇਤਰਾਜ਼ ਜਤਾਇਆ ਗਿਆ ਸੀ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਵੀ ਇਸ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਹੈ। ਇਸ ਵਿਚਕਾਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਅਹਿਮ ਮੀਟਿੰਗ 20 ਮਈ ਨੂੰ ਸੱਦ ਲਈ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰਨਗੇ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲੈ ਕੇ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।
ਜ਼ਿਕਰ ਕਰ ਦਈਏ ਕਿ ਅਕਤੂਬਰ 2018 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਦੀ ਅੰਤ੍ਰਿਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਥਾਪਿਆ ਸੀ।ਅੰਤ੍ਰਿਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦਾ ਅਸਤੀਫਾ ਸਵੀਕਾਰ ਕਰਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਥਾਪਿਆ ਸੀ। ਦੱਸ ਦਈਏ ਕਿ ਗੁਰਦੁਆਰਾ ਸੁਧਾਰ ਲਹਿਰ ਤੋਂ ਬਾਅਦ ਗੁਰਦੁਆਰਿਆਂ ਦੇ ਗੁਰਮਤਿ ਦੇ ਸਿਧਾਂਤਾਂ ਮੁਤਾਬਕ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਕੀਤੀ ਗਈ। ਉਸ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਦੀ ਨਿਯੁਕਤੀ ਕਮੇਟੀ ਵੱਲੋਂ ਹੀ ਕੀਤੀ ਜਾਂਦੀ ਹੈ।
