ਦਿੱਲੀ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਰੇਖਾ ਗੁਪਤਾ ਨੇ ਮੰਗਲਵਾਰ ਨੂੰ ਵਿੱਤੀ ਸਾਲ 2026-27 ਲਈ 1,03,700 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ “ਟ੍ਰਿਪਲ ਇੰਜਣ” ਸਰਕਾਰ ਨਾਲ ਤੇਜ਼ੀ ਨਾਲ ਤਰੱਕੀ ਕਰ ਰਹੀ ਹੈ।
ਇਸ ਨੂੰ “ਗ੍ਰੀਨ ਬਜਟ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਬਦਲਾਅ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਇਸ਼ਾਰਾ ਕੀਤਾ ਕਿ “ਮੁਫ਼ਤ ਦੀ ਰਾਜਨੀਤੀ” (freebies) ਦੇ ਸੱਭਿਆਚਾਰ ਨੇ ਵਿਕਾਸ ਦਰ ਨੂੰ ਪ੍ਰਭਾਵਿਤ ਕੀਤਾ ਸੀ। ਬਜਟ ਵਿੱਚ ਟੈਕਸ ਤੋਂ 74,000 ਕਰੋੜ ਰੁਪਏ ਦੀ ਆਮਦਨ ਦਾ ਅਨੁਮਾਨ ਹੈ, ਜਦਕਿ ਦਿੱਲੀ ਨਗਰ ਨਿਗਮ (MCD) ਲਈ 11,666 ਕਰੋੜ ਰੁਪਏ ਰੱਖੇ ਗਏ ਹਨ।
ਮੁੱਖ ਮੰਤਰੀ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦਾ ਉਨ੍ਹਾਂ ਨੂੰ ਬਹੁਤ ਦੁੱਖ ਹੈ ਅਤੇ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਨੂੰ ਹਰ ਹਾਲ ਵਿੱਚ ਇਨਸਾਫ ਦਿੱਤਾ ਜਾਵੇਗਾ।
ਵਿਰੋਧੀ ਪਾਰਟੀਆਂ ਦੇ ਇਸ ਮੁੱਦੇ ‘ਤੇ ਇਕੱਠੇ ਹੋਣ ‘ਤੇ ਚੁਟਕੀ ਲੈਂਦਿਆਂ ਉਨ੍ਹਾਂ ਕਿਹਾ ਕਿ ਚਲੋ, ਘੱਟੋ-ਘੱਟ ਇਹ ਸਾਰੇ ਲੋਕ ਮੇਰੇ ਖਿਲਾਫ ਹੀ ਸਹੀ, ਪਰ ਇਕ ਮੰਚ ‘ਤੇ ਤਾਂ ਇਕੱਠੇ ਦਿਖਾਈ ਦੇ ਰਹੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਦੀ ਜਾਨ ਦੀ ਕੋਈ ਕੀਮਤ ਨਹੀਂ ਲਗਾਈ ਜਾ ਸਕਦੀ, ਪਰ ਮੈਂ ਪਹਿਲੇ ਦਿਨ ਤੋਂ ਹੀ ਭਰੋਸਾ ਦਿੱਤਾ ਸੀ ਕਿ ਇਸ ਮਾਮਲੇ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ।