ਪਾਰਟੀ ਦੇ ਕੌਮੀ ਕਨਵੀਨਰ ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪਾਰਟੀ ਦੇ ਵਿਧਾਇਕਾਂ ਤੇ ਪੰਜਾਬ ਦੇ ਪ੍ਰਮੁੱਖ ਨੇਤਾਵਾਂ ਨਾਲ ਮੀਟਿੰਗ ਕੀਤੀ। ਮੁੱਖ ਮੰਤਰੀ ਨਿਵਾਸ ਵਿਖੇ ਹੋਈ ਇਸ ਮੀਟਿੰਗ ਵਿੱਚ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਦੌਰਾਨ ਜ਼ਿਆਦਾਤਰ ਵਿਧਾਇਕਾਂ ਨੇ ਪਾਰਟੀ ਦੇ ਮੁੱਖ ਮੰਤਰੀ ਦੇ ਚਿਹਰੇ ਨੂੰ ਛੇਤੀ ਤੋਂ ਛੇਤੀ ਘੋਸ਼ਿਤ ਕਰਨ ਦੀ ਮੰਗ ਕੀਤੀ। ਸਾਰੇ ਲੋਕਾਂ ਦੀ ਰਾਏ ‘ਤੇ, ਕੇਜਰੀਵਾਲ ਨੇ ਛੇਤੀ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ‘ਆਪ’ ਨੇ ਹਾਲੇ ਇਸ ਬਾਰੇ ਸਪੱਸ਼ਟ ਨਹੀਂ ਕੀਤਾ ਪਰ ਇਹ ਪੱਕਾ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਤੋਂ ਹੋਵੇਗਾ।
ਕਰੀਬ ਤਿੰਨ ਘੰਟਿਆਂ ਤੱਕ ਚੱਲੀ ਇਸ ਮੀਟਿੰਗ ਵਿੱਚ ‘ਆਪ’ ਦੇ ਪੰਜਾਬ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਤੇ ਸਹਿ-ਇੰਚਾਰਜ ਅਤੇ ਵਿਧਾਇਕ ਰਾਘਵ ਚੱਢਾ, ਸਾਰੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।

