ਮੁੱਖ ਸਕੱਤਰ, ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਸਬੰਧਤ ਅਧਿਕਾਰੀਆਂ ਨੂੰ ਬਠਿੰਡਾ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਆਈਪੀਡੀ (ਇਨ ਪੇਸ਼ੈਂਟ ਡਿਪਾਰਟਮੈਂਟ) ਸੇਵਾਵਾਂ ਸਤੰਬਰ ਦੇ ਅੰਤ ਤੱਕ ਸ਼ੁਰੂ ਕਰਨ ਤੋਂ ਇਲਾਵਾ ਅਗਲੇ ਸਾਲ ਅਕਤੂਬਰ ਤੱਕ ਸੰਗਰੂਰ ਵਿੱਚ ਉਸਾਰੀ ਅਧੀਨ ਪੀਜੀਆਈ ਸੈਟੇਲਾਈਟ ਸੈਂਟਰ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ।
ਇਥੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਗਿਆ ਕਿ ਫਿਰੋਜ਼ਪੁਰ ਵਿਖੇ ਪੀਜੀਆਈ ਸੈਟੇਲਾਈਟ ਸੈਂਟਰ ਦਾ ਨਿਰਮਾਣ ਕਾਰਜ ਪਿਛਲੇ ਮਹੀਨੇ ਸੌਂਪ ਦਿੱਤਾ ਗਿਆ ਹੈ ਅਤੇ ਇਹ ਕੰਮ 39 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ।
ਪਿਛਲੇ ਹਫ਼ਤੇ ਸੂਬੇ ਵਿੱਚ ਕੋਵਿਡ ਪਾਜ਼ੇਟਿਵਿਟੀ ਦਰ 0.1 ਫ਼ੀਸਦ ’ਤੇ ਸਥਿਰ ਰਹਿਣ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਮੁੱਖ ਸਕੱਤਰ ਨੇ ਸਬੰਧਤ ਅਧਿਕਾਰੀਆਂ ਨੂੰ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਵੱਡੇ ਪੱਧਰ ‘ਤੇ ਜਾਂਚ ਅਤੇ ਸੰਪਰਕ ਟਰੇਸਿੰਗ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ।
ਸ੍ਰੀਮਤੀ ਮਹਾਜਨ ਨੇ 31 ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਵੀ ਕੀਤੀ, ਜਿਸ ਵਿੱਚ ਭਾਰਤੀ ਰੇਲਵੇ, ਭਾਰਤੀ ਕੌਮੀ ਰਾਜਮਾਰਗ ਅਥਾਰਟੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ -ਵੱਖ ਰੇਲਵੇ ਲਾਈਨਾਂ ਅਤੇ ਸੜਕੀ ਪ੍ਰੋਜੈਕਟਾਂ ਤੋਂ ਇਲਾਵਾ ਰੋਪੜ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ , ਅੰਮਿ੍ਰਤਸਰ ਵਿੱਚ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ, ਬਠਿੰਡਾ ਵਿੱਚ ਏਮਜ਼, ਸੰਗਰੂਰ ਵਿੱਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਵਿੱਚ ਈਥਾਨੋਲ ਬਾਇਓ-ਰਿਫਾਇਨਰੀ ਪ੍ਰਾਜੈਕਟ ਸ਼ਾਮਲ ਹਨ।
