ਅੰਦੋਲਨ ਦੀ ਭਵਿੱਖੀ ਦਿਸ਼ਾ ਤੈਅ ਕਰਨ ਲਈ ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਦੀ ਅਹਿਮ ਬੈਠਕ ਸਨਿਚਰਵਾਰ ਨੂੰ ਸਿੰਘੂ ਸਰਹੱਦ ‘ਤੇ ਹੋਵੇਗੀ | ਐਸ. ਕੇ. ਐਮ. ਦੀ ਕੋਰ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਕਮੇਟੀ ਬਣਾਉਣ ਲਈ ਕੇਂਦਰ ਨੂੰ ਪੰਜ ਨਾਂਅ ਭੇਜਣੇ ਹਨ ਜਾਂ ਨਹੀਂ, ਇਸ ਬਾਰੇ ਕੋਈ ਵੀ ਫ਼ੈਸਲਾ ਮੀਟਿੰਗ ‘ਚ ਲਿਆ ਜਾਵੇਗਾ, ਕਿਉਂਕਿ ਉਨ੍ਹਾਂ ਨੂੰ ਅਜੇ ਤੱਕ ਸਰਕਾਰ ਵਲੋਂ ਕੋਈ ਰਸਮੀ ਸੁਨੇਹਾ ਨਹੀਂ ਮਿਲਿਆ ਹੈ | ਉਨ੍ਹਾਂ ਕਿਹਾ ਕਿ ਮੀਟਿੰਗ ‘ਚ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ‘ਤੇ ਵੀ ਵਿਚਾਰ ਕੀਤਾ ਜਾਵੇਗਾ, ਜਿਸ ‘ਚ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ, ਅੰਦੋਲਨ ਦੌਰਾਨ ਜਾਨਾਂ ਗੁਆ ਚੁੱਕੇ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਣਾ ਸ਼ਾਮਿਲ ਹੈ | ਕੇਂਦਰ ਨੇ ਮੰਗਲਵਾਰ ਨੂੰ ਐਮ. ਐਸ. ਪੀ. ਅਤੇ ਹੋਰ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇਕ ਕਮੇਟੀ ਬਣਾਉਣ ਲਈ ਐਸ. ਕੇ. ਐਮ. ਤੋਂ 5 ਨਾਵਾਂ ਦੀ ਮੰਗ ਕੀਤੀ ਸੀ |
