ਸੰਯੁਕਤ ਸਮਾਜ ਮੋਰਚੇ ਨੇ ਪੰਜਾਬ ਦੀਆਂ ਚੋਣਾਂ ਲਈ ਕਿਸਾਨ ਸੰਗਠਨਾਂ ਨੂੰ ਇਕੱਠਾ ਕਰਨ ਦੀ ਤਿਆਰੀ ਕਰ ਲਈ ਹੈ | ਸੰਯੁਕਤ ਸਮਾਜ ਮੋਰਚੇ ਤੋਂ ਅਲੱਗ ਹੋ ਕੇ ਚੋਣ ਮੈਦਾਨ ‘ਚ ਉਤਰ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੰੂ ਨਾਲ ਜੋੜਨ ਲਈ ਮੋਰਚੇ ਨੇ ਇਕ ਤਾਲਮੇਲ ਕਮੇਟੀ ਬਣਾਈ ਹੈ | ਇਸ ਸੰਬੰਧ ‘ਚ ਜਾਣਕਾਰੀ ਦਿੰਦੇ ਸੰਯੁਕਤ ਸਮਾਜ ਮੋਰਚੇ ਦੇ ਆਗੂ ਸ. ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ‘ਚ ਚੋਣਾਂ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਨਾਲ ਗੱਲਬਾਤ ਕੀਤੀ ਗਈ ਹੈ ਅਤੇ ਪੰਜਾਬ ਅੰਦਰ ਉਨ੍ਹਾਂ ਨਾਲ ਸੀਟਾਂ ਦੀ ਵੰਡ ਨੂੰ ਲੈ ਕੇ ਤਾਲਮੇਲ ਕਮੇਟੀ ਚਰਚਾ ਕਰੇਗੀ | ਚੰਡੀਗੜ੍ਹ ਕਿਸਾਨ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨਾਲ ਮਿਲ ਕੇ ਚੋਣ ਨਹੀਂ ਲੜਨਗੇ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਉਨ੍ਹਾਂ ਦਾ ਕੋਈ ਸਮਝੌਤਾ ਨਹੀਂ ਹੋਇਆ ਹੈ ਅਤੇ ਇਸ ਬਾਰੇ ਹੋ ਰਿਹਾ ਪ੍ਰਚਾਰ ਗ਼ਲਤ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਚੋਣਾਂ ਨੂੰ ਲੈ ਕੇ ਸੰਯੁਕਤ ਸਮਾਜ ਮੋਰਚੇ ਵਲੋਂ ਸਕਰੀਨਿੰਗ ਕਮੇਟੀ, ਮੈਨੀਫੈਸਟੋ ਕਮੇਟੀ ਤੇ ਸੰਸਦੀ ਬੋਰਡ ਦਾ ਗਠਨ ਕੀਤਾ ਗਿਆ ਹੈ | ਇਨ੍ਹਾਂ ਤਿੰਨੇ ਕਮੇਟੀਆਂ ਦਾ ਚਾਰਜ ਵੱਖ-ਵੱਖ ਆਗੂਆਂ ਨੂੰ ਸੌਂਪਿਆ ਗਿਆ ਹੈ ਜੋ ਉਮੀਦਵਾਰ ਚੁਣਨਗੀਆਂ | ਉਨ੍ਹਾਂ ਕਿਹਾ ਕਿ ਪਾਰਟੀ ਦਾ ਮੁੱਖ ਦਫ਼ਤਰ ਲੁਧਿਆਣਾ ‘ਚ ਹੋਵੇਗਾ ਅਤੇ ਆਉਣ ਵਾਲੇ ਦੋ ਤਿੰਨ ਦਿਨਾਂ ਦੌਰਾਨ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਵੀ ਕਰ ਦਿੱਤਾ ਜਾਵੇਗਾ | ਸੰਯੁਕਤ ਸਮਾਜ ਮੋਰਚਾ ਭਿ੍ਸ਼ਟ ਸਿਸਟਮ ਦੇ ਖ਼ਿਲਾਫ਼ ਹੈ ਅਤੇ ਇਸ ਵਾਰ ਚੋਣਾਂ ਦੌਰਾਨ ਪੈਸੇ, ਸ਼ਰਾਬ ਤੇ ਨਸ਼ਾ ਵੰਡ ਕੇ ਲੋਕਾਂ ਨੂੰ ਭਰਮਾਉਣ ਵਾਲਿਆਂ ਖ਼ਿਲਾਫ਼ ਲੜਾਈ ਲੜੀ ਜਾਵੇਗੀ | ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਰਾਜੇਵਾਲ ਨੇ ਕਿਹਾ ਕਿ ਇਸ ਮਾਮਲੇ ‘ਚ ਕਿਸਾਨਾਂ ਦੀ ਕੋਈ ਭੂਮਿਕਾ ਨਹੀਂ ਹੈ | ਪੰਜਾਬ ਦੇ ਭਾਈਚਾਰੇ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ | ਇਸ ਮਾਮਲੇ ‘ਚ ਸੁਰੱਖਿਆ ਏਜੰਸੀਆਂ ਦੀ ਜਾਂਚ ਹੋਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਨਾਲ ਰੁਲਦੂ ਸਿੰਘ ਮਾਨਸਾ ਤੇ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ |
