ਕਬੂਤਰਬਾਜ਼ੀ ਮਾਮਲੇ ਵਿਚ ਦੋ ਸਾਲ ਦੀ ਸਜ਼ਾ ਹੋਣ ਤੋਂ ਬਾਅਦ ਜੇਲ੍ਹ ਵਿਚ ਬੰਦ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਨੂੰ ਫ਼ਿਲਹਾਲ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਦਲੇਰ ਮਹਿੰਦੀ ਵਲੋਂ ਸਜ਼ਾ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 15 ਸਤੰਬਰ ਤੱਕ ਜਵਾਬ ਦੇਣ ਦੇ ਆਦੇਸ਼ ਦਿੱਤੇ ਹਨ। ਇਸ ਦਾ ਮਤਲਬ ਹੈ ਕਿ ਹੁਣ 15 ਸਤੰਬਰ ਤੱਕ ਦਲੇਰ ਮਹਿੰਦੀ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ। ਸੁਣਵਾਈ ਦੌਰਾਨ ਅਦਾਲਤ ਨੇ ਦਲੇਰ ਮਹਿੰਦੀ ਦੇ ਵਕੀਲ ਨੂੰ ਪੁੱਛਿਆ ਕਿ ਮਹਿੰਦੀ ਕਿਨ੍ਹੇ ਸਮੇਂ ਤੋਂ ਜੇਲ੍ਹ ਵਿਚ ਹਨ। ਇਸ ਦੇ ਜਵਾਬ ਵਿਚ ਵਕੀਲ ਨੇ ਕਿਹਾ ਕਿ ਬਹੁਤਾ ਸਮਾਂ ਨਹੀਂ ਹੋਇਆ ਹੈ। ਦੱਸਣਯੋਗ ਹੈ ਕਿ ਦਲੇਰ ਮਹਿੰਦੀ ਵਲੋਂ ਸਜ਼ਾ ਦੇ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਦਲੇਰ ਮਹਿੰਦੀ ਇਸ ਸਮੇਂ ਪਿਛਲੇ 6 ਦਿਨਾਂ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ।
