ਲੁਧਿਆਣਾ ਦੇ ਕਸਬਾ ਖੰਨਾ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾ ਕਈ ਪੁਲਿਸ ਮੁਲਾਜ਼ਮਾਂ ਦੇ ਡੋਪ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਪੁਲਿਸ ਨੂੰ ਪਤਾ ਲੱਗ ਸਕੇ ਕਿ ਕਿੰਨੇ ਮੁਲਾਜ਼ਮ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ।ਦੱਸ ਦੇਈਏ ਕਿ 4 ਪੁਲਿਸ ਮੁਲਾਜ਼ਮਾਂ ਦੀ ਡੋਪ ਟੈਸਟ ‘ਚ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਮੁਲਾਜ਼ਮਾਂ ‘ਚ ਹੜਕੰਪ ਮਚ ਗਿਆ ਹੈ। ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਉਨ੍ਹਾਂ ਦੀ ਵਿਭਾਗੀ ਜਾਂਚ ਖੁੱਲ੍ਹ ਗਈ ਹੈ।
ਜਾਣਕਾਰੀ ਦਿੰਦਿਆਂ ਡੀ.ਐਸ.ਪੀ ਨਾਰਕੋਟਿਕ ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਫਿਲਹਾਲ ਇਨ੍ਹਾਂ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਡੋਪ ਟੈਸਟ ਦੀ ਰਿਪੋਰਟ ‘ਚ ਕੋਈ ਵੀ ਨਸ਼ਾ ਪਾਇਆ ਜਾਂਦਾ ਹੈ ਜਾਂ ਕਿਸੇ ਨਸ਼ੀਲੇ ਪਦਾਰਥ ਦੀ ਵਰਤੋਂ ਸਾਹਮਣੇ ਆਉਂਦੀ ਹੈ ਤਾਂ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਨਸ਼ੇ ਦੀ ਲਪੇਟ ‘ਚ ਹੈ ਤਾਂ ਉਸ ਦਾ ਇਲਾਜ ਜ਼ਰੂਰ ਕਰਵਾਇਆ ਜਾਵੇਗਾ ਅਤੇ ਉਸ ਨੂੰ ਨਸ਼ਾ ਛੁਡਾਊ ਕੇਂਦਰ ‘ਚ ਦਾਖਲ ਕਰਵਾਇਆ ਜਾਵੇਗਾ। ਪੁਲਿਸ ਦਾ ਇੱਕੋ ਇੱਕ ਮਕਸਦ ਨਸ਼ਿਆਂ ਨੂੰ ਖਤਮ ਕਰਨਾ ਹੈ। ਆਉਣ ਵਾਲੇ ਦਿਨਾਂ ‘ਚ ਜੇਕਰ ਕਿਸੇ ਕਰਮਚਾਰੀ ‘ਤੇ ਸ਼ੱਕ ਪਾਇਆ ਜਾਂਦਾ ਹੈ ਤਾਂ ਤੁਰੰਤ ਉਸ ਦਾ ਡੋਪ ਟੈਸਟ ਕਰਵਾਇਆ ਜਾਵੇਗਾ।
