ਝੋਨਾ ਲਾਉਣ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਦੇ ਰੋਸ ਵਜੋਂ ਅੱਜ ਕਿਸਾਨਾਂ ਨੇ ਲਗਪਗ ਚਾਰ ਘੰਟੇ ਅੰਮ੍ਰਿਤਸਰ-ਦਿੱਲੀ ਹਾਈਵੇਅ ’ਤੇ ਆਵਾਜਾਈ ਠੱਪ ਰੱਖੀ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਾਣਕਾਰੀ ਅਨੁਸਾਰ ਅੱਜ ਸਵੇਰੇ ਕਿਸਾਨਾਂ ਨੇ ਪਹਿਲਾਂ ਬੰਗਾ ਰੋਡ ’ਤੇ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਐਕਸੀਅਨ ਦਫ਼ਤਰ ਬਾਹਰ ਧਰਨਾ ਦਿੱਤਾ ਪਰ ਉੱਥੇ ਕੋਈ ਸੁਣਵਾਈ ਨਾ ਹੋਣ ਕਾਰਨ ਕਿਸਾਨ ਸ਼ੂਗਰ ਮਿੱਲ ਚੌਕ ’ਚ ਪੁੱਜੇ ਅਤੇ ਕਰੀਬ 11 ਵਜੇ ਟਰਾਲੀਆਂ ਲਗਾ ਕੇ ਆਵਾਜਾਈ ਠੱਪ ਕਰ ਦਿੱਤੀ। ਮੌਕੇ ’ਤੇ ਪੁੱਜੇ ਐੱਸਪੀ ਸਰਬਜੀਤ ਸਿੰਘ ਵਾਹੀਆ ਨੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਕਿਹਾ ਪਰ ਕਿਸਾਨ ਆਪਣੀ ਜ਼ਿੱਦ ’ਤੇ ਅੜੇ ਰਹੇ।
ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਮੂਸਾਪੁਰ, ਪਾਲਾ ਮੌਲੀ, ਸੁਖਵਿੰਦਰ ਸਿੰਘ ਸ਼ੇਰਗਿੱਲ ਅਤੇ ਇੰਦਰਜੀਤ ਖਲਿਆਣ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਹੀ ਖੇਤੀ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਸੂਲੀ ’ਤੇ ਟੰਗਿਆ ਹੋਇਆ ਹੈ ਅਤੇ ਹੁਣ ਪੰਜਾਬ ਸਰਕਾਰ ਵੱਲੋਂ ਵੀ ਅੱਠ ਘੰਟੇ ਬਿਜਲੀ ਸਪਲਾਈ ਦਾ ਭਰੋਸਾ ਦੇ ਕੇ ਸਿਰਫ਼ ਤਿੰਨ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਵੀ ਧਰਨੇ ਦਿੱਤੇ ਜਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।
ਸ਼ਾਮ ਤਿੰਨ ਵਜੇ ਦੇ ਕਰੀਬ ਐਕਸੀਅਨ ਰਜਿੰਦਰ ਸਿੰਘ ਅਤੇ ਐੱਸਡੀਐੱਮ ਸ਼ਾਇਰੀ ਮਲਹੋਤਰਾ ਨੇ ਮੌਕੇ ’ਤੇ ਪੁੱਜ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਤੇ ਪੰਜਾਬ ਐਗਰੋ ਚੇਅਰਮੈਨ ਜੋਗਿੰਦਰ ਸਿੰਘ ਮਾਨ, ਕਾਂਗਰਸੀ ਆਗੂ ਸਤਬੀਰ ਸਿੰਘ ਵਾਲੀਆ, ਜਰਨੈਲ ਨੰਗਲ, ਜਥੇਦਾਰ ਸਰਵਣ ਸਿੰਘ ਕੁਲਾਰ ਸਮੇਤ ਕਈ ਕਿਸਾਨ ਆਗੂ ਸ਼ਾਮਲ ਸਨ।
