ਸਿਰਫ਼ ਇਕ ਨਿੱਜੀ ਨੂੰ ਗੁਰਬਾਣੀ ਪ੍ਰਸਾਰਣ ਦਾ ਹੱਕ ਦੇਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ SGPC ਮੁੜ ਤੋਂ ਆਹਮੋ-ਸਾਹਮਣੇ ਹੋ ਗਏ ਹਨ। CM ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਕੀਤੇ ਟਵੀਟ ਤੋਂ ਬਾਅਦ ਸਿਆਸਤ ਗਰਮਾ ਚੁੱਕੀ ਹੈ। ਇਸ ਨੂੰ ਲੈਕੇ ਹੁਣ ਐਸਜੀਪੀਸੀ ਦਾ ਪ੍ਰਤੀਕਰਮ ਵੀ ਸਾਹਮਣੇ ਆ ਚੁੱਕਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਇਸ ਮਾਮਲੇ ‘ਤੇ ਆਪਣਾ ਪ੍ਰਤੀਕਰਮ ਦਿੱਤਾ ਹੈ। ਉਹਨਾਂ ਕਿਹਾ ਹੈ ਕਿ ਗੁਰਬਾਣੀ ਦੇ ਪ੍ਰਸਾਰਣ ਲਈ ਕਮੇਟੀ ਨੂੰ ਤੁਹਾਡੀ ਸਰਕਾਰ ਦੇ ਪੈਸੇ ਦੀ ਜ਼ਰੂਰਤ ਨਹੀਂ। ਨਾਲ ਹੀ ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਕੌਮ ਦੇ ਪ੍ਰਤੀ ਏਨਾ ਹੀ ਦਰਦ ਰੱਖਦੇ ਨੇ ਤਾਂ ਵਿਦਿਆਰਥੀਆਂ ਦੇ ਪੈਡਿੰਗ ਵਜ਼ੀਫਿਆਂ ਵੱਲ ਗੌਰ ਕਰਨ।
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ SGPC ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ ‘ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ ਸਰਕਾਰਾਂ ਦੇ ਅਧਿਕਾਰ ਖੇਤਰ ਵੱਖਰੇ ਹੁੰਦੇ ਹਨ।
ਸਰਕਾਰ ਦੇ ਅਧਿਕਾਰ ਖੇਤਰ ਵਿੱਚ ਤੁਹਾਡੀ ਸਰਕਾਰ ਨਾਕਾਮ ਸਾਬਤ ਹੋ ਰਹੀ ਹੈ। ਤੁਸੀਂ ਸ੍ਰੀ ਦਰਬਾਰ ਸਾਹਿਬ ਦੀ ਗੱਲ ਕਰਦੇ ਹੋ, ਇਸ ਕੇਂਦਰੀ ਸਿੱਖ ਅਸਥਾਨ ਦੇ ਆਲੇ-ਦੁਆਲੇ ਸਰਕਾਰ ਤਰਫੋਂ ਕੀਤੇ ਜਾਣ ਵਾਲੇ ਕਾਰਜਾਂ ਦੀ ਸਥਿਤੀ ਦੇਖੋ ਕੀ ਹੈ? ਸਰਕਾਰ ਦੇ ਅਧਿਕਾਰ ਵਾਲਾ ਗਲਿਆਰਾ ਉੱਜੜ ਚੁੱਕਾ ਹੈ। ਵਿਰਾਸਤੀ ਮਾਰਗ ਦੇ ਰੱਖ-ਰਖਾਅ ‘ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ਦਾ ਬੁਰਾ ਹਾਲ ਦੇਖੋ। ਭਾਵੇਂ ਸਰਕਾਰ ਕੋਲ ਪੈਸਾ ਹੈ, ਜੋ ਲੋਕਾਂ ਦਾ ਹੀ ਹੈ, ਪਰ ਆਪਣੀ ਤਰਫੋਂ ਪੈਸਾ ਜਿੱਥੇ ਲਾਉਣ ਵਾਲਾ ਹੈ ਉਥੇ ਲਾਓ। ਬਿਨਾ ਮਤਲਬ ਗੁਰਬਾਣੀ ਪ੍ਰਸਾਰਣ ਲਈ ਖ਼ਰਚ ਦੀ ਗੱਲ ਕਰਕੇ ਕੌਮ ਨੂੰ ਦੁਵਿਧਾ ਵਿਚ ਨਾ ਪਾਓ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ, ਗੁਰੂ ਘਰਾਂ ਦਾ ਪ੍ਰਬੰਧ ਕਰਨ ਦੇ ਸਮਰੱਥ ਹੈ। ਮੁੱਖ ਮੰਤਰੀ ਜੀ, ਗੁਰਬਾਣੀ ਪ੍ਰਸਾਰਣ ਜਾਂ ਗੁਰੂ ਘਰਾਂ ਦੇ ਮਾਮਲਿਆਂ ਬਾਰੇ ਟਵੀਟ ਕਰਕੇ ਸੰਗਤ 'ਚ ਬੇਲੋੜੇ ਵਿਵਾਦ ਅਤੇ ਦੁਵਿਧਾ ਪੈਦਾ ਨਾ ਕਰੋ। ਸਿੱਖ ਸੰਸਥਾ ਅਤੇ ਕੌਮ ਦੇ ਕੀਤੇ ਜਾਣ ਵਾਲੇ ਪੰਥਕ ਕਾਰਜਾਂ ਦੇ ਅਧਿਕਾਰ ਖੇਤਰ ਹੋਰ ਹੁੰਦੇ ਹਨ ਅਤੇ…
— Shiromani Gurdwara Parbandhak Committee (@SGPCAmritsar) May 21, 2023
ਦਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਕੀਤਾ ਸੀ। ਇਸ ਟਵੀਟ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਹਨ। ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।
ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉੰ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ..
— Bhagwant Mann (@BhagwantMann) May 21, 2023
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਗਵੰਤ ਮਾਨ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ ‘ਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਸੰਭਵ ਸਹਾਇਤਾ ਦੇਣ ਅਤੇ ਇਸ ਦੇ ਖਰਚੇ ਚੁੱਕਣ ਲਈ ਤਿਆਰ ਸੀ।

