ਪਿਛਲੇ ਮਹੀਨੇ ਖੁਦਕੁਸ਼ੀ ਕਰਨ ਵਾਲੇ ਪੰਜਾਬ ਰਾਜ ਗੋਦਾਮ ਨਿਗਮ ਦੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੇ ਘਰ ਦੀ ਬਿਜਲੀ ਕੱਟਣ ਦੇ ਦੋਸ਼ ਹੇਠ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੁਰਬਖਸ਼ੀਸ਼ ਸਿੰਘ ਦੀ ਪੁਲੀਸ ਹਿਰਾਸਤ ਦੌਰਾਨ ਮੌਤ ਹੋਣ ਦੀ ਸੂਚਨਾ ਮਿਲੀ ਹੈ।
ਪੁਲੀਸ ਨੇ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾ ਵਿੱਚ ਗੁਰਬਖਸ਼ੀਸ਼ ਸਿੰਘ ਵੀ ਸ਼ਾਮਿਲ ਸੀ। ਉਹ ਪੰਜ ਦਿਨ ਦੇ ਪੁਲੀਸ ਰਿਮਾਂਡ ‘ਤੇ ਸੀ। ਪੁਲੀਸ ਸੂਤਰਾਂ ਮੁਤਾਬਕ ਗੁਰਬਖਸ਼ੀਸ਼ ਸਿੰਘ ਵਾਸੀ ਫੈਜਪੁਰਾ ਐਚ ਆਈ ਵੀ ਨਾਲ ਪੀੜਤ ਸੀ ਅਤੇ ਉਸ ਦੇ ਪਰਿਵਾਰ ਵੱਲੋਂ ਉਸ ਦਾ ਇਲਾਜ ਵੀ ਕਰਵਾਇਆ ਜਾ ਰਿਹਾ ਸੀ। ਹਿਰਾਸਤ ਦੌਰਾਨ ਉਸ ਦੀ ਸਿਹਤ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਦੂਜੇ ਪਾਸੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਗੁਰਬਖਸ਼ੀਸ਼ ਸਿੰਘ ਦੀ ਮੌਤ ਪੁਲੀਸ ਹਿਰਾਸਤ ਦੌਰਾਨ ਤਸ਼ੱਦਦ ਕਰਕੇ ਹੋਈ ਹੈ। ਫਿਲਹਾਲ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨ ਸਾਹਮਣੇ ਆਉਣਗੇ।ਉੱਥੇ ਹੀ ਰਣਜੀਤ ਐਵੇਨਿਊ ਪੁਲੀਸ ਥਾਣੇ ਦੇ ਇੰਚਾਰਜ ਰੋਬਿਨ ਹੰਸ ਨੇ ਕਿਹਾ ਕਿ ਮਾਮਲਾ ਜਾਂਚ ਅਧੀਨ ਹੈ।
